Advertisment

ਸਿੱਖ ਤੇ ਧਾਰਮਿਕ ਜਥੇਬੰਦੀਆਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਮੁਹਿੰਮ ਨੂੰ ਸਫਲ ਬਣਾਉਣ ਲਈ ਇਕੱਠੇ ਹੋ ਕੇ ਚੱਲਣ –ਜਥੇਦਾਰ ਗਿਆਨੀ ਗੁਰਬਚਨ ਸਿੰਘ

author-image
Ragini Joshi
New Update
ਸਿੱਖ ਤੇ ਧਾਰਮਿਕ ਜਥੇਬੰਦੀਆਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਮੁਹਿੰਮ ਨੂੰ ਸਫਲ ਬਣਾਉਣ ਲਈ ਇਕੱਠੇ ਹੋ ਕੇ ਚੱਲਣ –ਜਥੇਦਾਰ ਗਿਆਨੀ ਗੁਰਬਚਨ ਸਿੰਘ
Advertisment
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ, ਹਰਿਦੁਆਰ ਦੀ ਮੁੜ ਸਥਾਪਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁ ਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਇਕਜੁੱਟ ਹੋ ਕੇ ਸਮੁੱਚੇ ਵਿਸ਼ਵ ਭਰ ਦੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਸੀ ਕਿ ਇਸ ਮੁਹਿੰਮ ਨੂੰ ਸਫਲ ਕਰਨ ਲਈ 14 ਮਈ ਨੂੰ ਜਪੁ ਜੀ ਸਾਹਿਬ ਦੇ ਪਾਠ ਕਰ ਕੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਜਾਵੇ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਮੂਹ ਸੰਗਤਾਂ ਅਤੇ ਸਟਾਫ ਵੱਲੋਂ ਜਪੁ ਜੀ ਸਾਹਿਬ ਦੇ ਪਾਠ ਕਰਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤ ਨਾਲ ਮਿਲ ਕੇ ਜਪੁ ਜੀ ਸਾਹਿਬ ਦਾ ਪਾਠ ਕੀਤਾ। ਭੋਗ ਉਪਰੰਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਅਰਦਾਸ ਕੀਤੀ। ਇਸ ਸਮੇਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸੁੰਦਰੀਕਰਨ ਦੇ ਨਾਮ 'ਤੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਹੋਂਦ ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਲਈ ਸਮੂਹ ਧਾਰਮਿਕ ਜਥੇਬੰਦੀਆਂ, ਸਿੱਖ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਸਿੱਖ ਟਕਸਾਲਾਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਗੁਰਦੁਆਰਾ ਕਮੇਟੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਕਿਸੇ ਵੀ ਤਰ੍ਹਾਂ ਦੀ ਧੜ੍ਹੇਬਾਜੀ ਤੋਂ ਉਪਰ ਉਠ ਕੇ ਇਸ ਮੁਹਿੰਮ ਨੂੰ ਸਫਲ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ੨੪ ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਦੇ ਮੁਖੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਇਸ ਕਾਰਜ ਨੂੰ ਸਫਲ ਕਰਨ ਲਈ ਹੋਣ ਵਾਲੀ ਇਕੱਤਰਤਾ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਕੋਈ ਸਿਆਸੀ ਕਾਰਜ ਨਹੀਂ ਹੈ, ਸਮੁੱਚੇ ਸਿੱਖ ਕੌਮ ਦਾ ਪ੍ਰੋਗਰਾਮ ਹੈ। ਜਿਸ ਲਈ ਆਪਾਂ ਸਾਰੇ ਧੜੇਬੰਦੀਆਂ, ਪਾਰਟੀਬਾਜੀਆਂ ਤੋਂ ਉਪਰ ਉੱਠ ਕੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਪ੍ਰਾਪਤੀ ਲਈ ਇਕ ਮੰਚ 'ਤੇ ਇਕੱਠੇ ਹੋਈਏ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਸਰਕਾਰ ਨੇ ਗੁਰਦੁਆਰਾ ਸਾਹਿਬ ਦੀ ਹੋਂਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਪਰੰਤੂ ਸਮੁੱਚੀ ਸਿੱਖ ਕੌਮ ਨੂੰ ਗੁਰੂ ਮਹਾਰਾਜ ਜੀ ਨੇ ਬਖਸ਼ਿਸ਼ ਕੀਤੀ ਹੈ ਕਿ ਸਿੱਖ ਕੌਮ ਲੜਾਈ ਤੋਂ ਬਿਨਾਂ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਸਾਹਿਬ ਦੀ ਖਤਮ ਕੀਤੀ ਹੋਂਦ ਨੂੰ ਮੁੜ ਸਿੱਖ ਸੰਗਤਾਂ ਦੇ ਦਰਸ਼ਨਾਂ ਲਈ ਉਸਾਰਿਆ ਜਾਵੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਜੋ ਉਪਰਾਲਾ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਲਿਆ ਗਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਬਹੁਤ ਦੁੱਖ ਮਹਿਸੂਸ ਹੁੰਦਾ ਹੈ ਕਿ ਜਿਸ ਧਰਤੀ ਵਾਸਤੇ, ਜਿਸ ਦੇਸ਼ ਵਾਸਤੇ ਸਿੱਖ ਗੁਰੂ ਸਾਹਿਬਾਨਾਂ ਨੇ ਮਹਾਨ ਕੁਰਬਾਨੀਆਂ ਦੇ ਕੇ ਹਰ ਧਰਮ ਦੀ ਰੱਖਿਆ ਕੀਤੀ ਹੈ ਅੱਜ ਉਸੇ ਦੇਸ਼ ਦੇ ਰਖਵਾਲੇ ਸਿੱਖਾਂ ਦੇ ਧਾਰਮਿਕ ਗੁਰਧਾਮਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਜਿਸ ਦੀ ਤਾਜ਼ਾ ਮਿਸਾਲ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦੁਆਰ ਹੈ। ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿਚ ਬੈਠੇ ਸਿੱਖ ਸਵੇਰੇ ਸ਼ਾਮ ਅਰਦਾਸ ਬੇਨਤੀ ਰਾਹੀਂ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਨੂੰ ਲੋਚਦੇ ਹਨ। ਮਗਰ ਆਪਣੇ ਦੇਸ਼ ਵਿਚ ਹੀ ਸਿੱਖਾਂ ਨੂੰ ਆਪਣੇ ਹੀ ਗੁਰਧਾਮਾਂ ਤੋਂ ਵਿਛੋੜਨ ਦੀਆਂ ਕੋਝੀਆਂ ਚਾਲਾਂ ਚਲਾਈਆਂ ਜਾ ਰਹੀਆਂ ਹਨ। ਜੋ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣੇ ਗੁਰਧਾਮ ਪ੍ਰਾਪਤ ਕਰਕੇ ਰਹਿਣਗੇ। ਇਸ ਮੌਕੇ ਭਾਈ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਦੇ ਇਸ ਧਾਰਮਿਕ ਸਮਾਗਮ ਸਬੰਧੀ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਅਤੇ ਪਾਕਿਸਤਾਨ, ਅਫਗਾਨਿਸਤਾਨ, ਬੰਗਲਾਦੇਸ਼ ਵਿਚਲੇ ਗੁਰਧਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਸਕੱਤਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਸਤਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਸਾਰੇ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਭੂਰਾ ਕੋਹਨਾ, ਸ. ਲਖਬੀਰ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਤੇ ਸ. ਪਰਮਜੀਤ ਸਿੰਘ ਸਾਰੇ ਐਡੀਸ਼ਨਲ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। — PTC News-
sikh-community sikh sikh-religion haridwar gurudwara-godri-sahib sikh-sangat gurudwara-sahib
Advertisment

Stay updated with the latest news headlines.

Follow us:
Advertisment