ਧਰਮ ਅਤੇ ਵਿਰਾਸਤ

ਪ੍ਰੋ: ਬਡੂੰਗਰ ਨੇ ਵੱਖ-ਵੱਖ ਥਾਵਾਂ 'ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ 'ਤੇ ਚਿੰਤਾ ਜਾਹਿਰ ਕੀਤੀ

By Joshi -- August 09, 2017 7:08 pm -- Updated:Feb 15, 2021

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ 'ਤੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਵਰਤਾਰਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਏਜੰਸੀਆਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸਦੀ ਅਸਲੀਅਤ ਸਾਹਮਣੇ ਆ ਸਕੇ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜਿਥੇ ਜਿਥੇ ਵੀ ਇਹ ਘਟਨਾਵਾਂ ਵਾਪਰੀਆਂ ਹਨ, ਸਬੰਧਤਾਂ ਪਾਸੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇ। ਪ੍ਰੋ: ਬਡੂੰਗਰ ਨੇ ਕਿਹਾ ਕਿ ਅਜਿਹੇ ਭਰਮ-ਭੁਲੇਖੇ ਪੈਦਾ ਕਰਕੇ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਹੋਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਵਹਿਮਾਂ-ਭਰਮਾਂ ਦਾ ਭੁਲੇਖਾ ਪਾ ਕੇ ਲੋਕ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ ਜਿਸ ਨਾਲ ਸਮਾਜ ਵਿਚ ਅਸਥਿਰਤਾ ਤੇ ਡਰ ਵਾਲਾ ਮਾਹੌਲ ਪੈਦਾ ਹੋ ਰਿਹਾ ਹੈ।

ਪ੍ਰੋ: ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਗੁਰੂ ਸਾਹਿਬਾਨ ਨੇ ਸੁਹਿਰਦ ਤੇ ਗਿਆਨਵਾਨ ਸਮਾਜ ਦੀ ਸਿਰਜਣਾ ਲਈ ਗੁਰਬਾਣੀ ਉਪਦੇਸ਼ ਰਾਹੀਂ ਮਨੁੱਖਤਾ ਨੂੰ ਸੇਧ ਦਿੱਤੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਵੀ ਲੋਕ ਗੁਰੂ ਦੀ ਸਿੱਖਿਆ ਤੋਂ ਦੂਰ ਹੋ ਕੇ ਵਹਿਮਾਂ ਭਰਮਾਂ ਦਾ ਸ਼ਿਕਾਰ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਹਿਮਾਂ ਭਰਮਾਂ ਨਾਲ ਜੋੜ ਕੇ ਅਜਿਹੀਆਂ ਘਟਨਾਵਾਂ ਨੂੰ ਹੋਰ ਬਲ ਨਾ ਦਿੱਤਾ ਜਾਵੇ।

—PTC News