ਧਰਮ ਅਤੇ ਵਿਰਾਸਤ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੨੯ ਜੂਨ ਨੂੰ ਮਨਾਈ ਜਾਵੇਗੀ

By Joshi -- June 27, 2017 6:06 pm -- Updated:Feb 15, 2021

ਅੰਮ੍ਰਿਤਸਰ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਅੱਜ ੨੭ ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ ੨੯ ਜੂਨ ੨੦੧੭ ਦਿਨ ਵੀਰਵਾਰ ਨੂੰ ਸਵੇਰੇ ੯-੦੦ ਵਜੇ ਪਾਏ ਜਾਣਗੇ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਪੰਥ ਪ੍ਰਸਿੱਧ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਸਬੰਧੀ ਢਾਡੀ ਵਾਰਾਂ ਰਾਹੀਂ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਤਿਹਾਸ ਵਿਚ ਸੱਭ ਤੋਂ ਵੱਡਾ ਧਰਮ-ਨਿਰਪੱਖ ਰਾਜ ਸੀ ਜਿਸ ਵਿਚ ਸਭ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਲੋਕਤੰਤਰੀ ਰਾਜ ਕਾਇਮ ਕਰਦਿਆਂ ਸਦੀਆਂ ਤੋਂ ਚੱਲੀ ਆ ਰਹੀ ਗ਼ੁਲਾਮੀ ਨੂੰ ਖਤਮ ਕਰਕੇ ਮਜ਼ਲੂਮ ਲੋਕਾਂ ਦੀ ਹੁੰਦੀ ਨਾਜਾਇਜ਼ ਲੁੱਟ ਦੀ ਪ੍ਰਥਾ ਨੂੰ ਬੰਦ ਕੀਤਾ ਗਿਆ। ਮਹਾਰਾਜਾ ਵੱਲੋਂ ਕਾਇਮ ਕੀਤੇ ਗਏ ਖਾਲਸਾ ਰਾਜ ਦੀ ਮਿਸਾਲ ਸੰਸਾਰ ਵਿਚ ਹੋਰ ਕਿਧਰੇ ਨਹੀਂ ਮਿਲਦੀ। ਸ. ਸੈਂਪਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਸ਼ੇਰੇ ਪੰਜਾਬ ਦੀ ਬਰਸੀ ੨੯ ਜੂਨ ਨੂੰ ਮਨਾਉਣ ਦੀ ਅਪੀਲ ਕੀਤੀ।

—PTC News