ਮੁੱਖ ਮੰਤਰੀ ਵੱਲੋਂ ਪੁਲਿਸ ਦੀਆਂ 4000 ਅਸਾਮੀਆਂ ਭਰਨ ਦੇ ਹੁਕਮ

Punjab CM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲਿਸ ਵਿਭਾਗ ਵਿੱਚ ਸਭ ਰੈਂਕਾਂ ਦੀਆਂ 4000 ਮੌਜੂਦਾ ਅਸਾਮੀਆਂ ਭਰਨ ਲਈ ਤੁਰੰਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਨਾਲ ਹੀ ਉਨ•ਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਹਰੇਕ ਸਾਲ 2000 ਪੁਲਿਸ ਮਲਾਜ਼ਮਾਂ ਦੀ ਭਰਤੀ ਉਨ•ਾਂ ਅਸਾਮੀਆਂ ‘ਤੇ ਕੀਤੀ ਜਾਇਆ ਕਰੇ ਜੋ ਅਸਾਮੀਆਂ ਪੁਲਿਸ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਨਾਲ ਖਾਲੀ ਹੋ ਜਾਂਦੀਆਂ ਹਨ।

ਅੱਜ ਇੱਥੇ ਗ੍ਰਹਿ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਵਿਭਾਗ ਵਿੱਚ ਸਾਰੀਆਂ ਅਸਾਮੀਆਂ ‘ਤੇ ਪਹਿਲ ਦੇ ਅਧਾਰ ‘ਤੇ ਨਿਰੰਤਰ ਭਰਤੀ ਨੂੰ ਯਕੀਨੀ ਬਣਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਕਿਉਂ ਜੋ ਸੂਬੇ ਵਿੱਚ ਅਮਨ ਕਾਨੂੰਨ ਦਾ ਵਿਵਸਥਾ ਕਾਇਮ ਰੱਖਣ ਲਈ ਪੁਲਿਸ ਵਿਭਾਗ ਦੀ ਬਹੁਤ ਵੱਡੀ ਅਹਿਮੀਅਤ ਹੈ।

ਅਮਨ ਕਾਨੂੰਨ ਦੀ ਰਖਵਾਲੀ ਲਈ ਪੁਲਿਸ ਮੁਲਾਜ਼ਮਾਂ ਦੀ ਘਾਟ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪੁਲਿਸ ਦੀਆਂ ਅਸਾਮੀਆਂ ਭਰਨ ਦੇ ਮਾਮਲੇ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਵੀ.ਆਈ.ਪੀ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਬਦਲ ਕੇ ਇਸ ਵਿਭਾਗ ਵਿੱਚ ਵੱਡੇ ਸੁਧਾਰਾਂ ਦਾ ਆਰੰਭ ਕੀਤਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੁਲਿਸ ਦੀ ਮੂਲ ਸੇਵਾ ਸੂਬੇ ਵਿੱਚ ਅਮਨ ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣਾ ਹੈ ਅਤੇ ਇਸ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਾਂਗਰਸ ਦੇ ਚੋਣ ਵਾਅਦੇ ਮੁਤਾਬਕ ਪੁਲਿਸ ਫੋਰਸ ਵਿੱਚ ਸੁਧਾਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਆਖਿਆ ਕਿ ਸਮੇਂ ਸਿਰ ਭਰਤੀ ਕਰਨ ਨਾਲ ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਅਤਿ ਲੋੜੀਂਦੇ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਰੇਕ ਘਰ ਵਿੱਚ ਘੱਟੋ-ਘੱਟ ਇਕ ਨੌਕਰੀ ਦੇ ਵਾਅਦੇ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਉਨ•ਾਂ ਦੀ ਸਰਕਾਰ ਵਚਨਬੱਧ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਲਕਾ ਇੰਚਾਰਜ ਦੀ ਪ੍ਰਥਾ ਨੂੰ ਖਤਮ ਕਰਨ ਦੇ ਮੱਦੇਨਜ਼ਰ ਪੁਲਿਸ ਥਾਣਿਆਂ ਦੇ ਖੇਤਰ ਦੀ ਪੁਨਰ ਸੁਰਜੀਤੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਹਲਕਾ ਇੰਚਾਰਜ ਦੀ ਪ੍ਰਣਾਲੀ ਦੇ ਖਾਤਮੇ ਲਈ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਿਆਂ ਨਾਲ ਜੋੜੇ ਗਏ ਥਾਣਿਆਂ ਨੂੰ ਹਲਕਿਆਂ ਤੋਂ ਤੋੜਣ ਅਤੇ ਪੁਲਿਸ ਨੂੰ ਸਿਆਸੀ ਜਕੜ ਤੋਂ ਮੁਕਤ ਕਰਨ ਲਈ ਥਾਣਿਆਂ ਦੇ ਪੁਨਰ ਸੁਰਜੀਤੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੁਲਿਸ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਲਈ ਖੁੱਲ•ਾ ਹੱਥ ਦੇਣ ਦੀ ਇਜਾਜ਼ਤ ਦਿੱਤੀ ਜਾਵੇ ਪਰ ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਥਾਣਿਆਂ ਦੇ ਪੱਧਰ ਤੱਕ ਪੁਲਿਸ ਵੱਲੋਂ ਬਦਲਾਖੋਰੀ ਵਾਲੀ ਕਾਰਵਾਈ ਨਾ ਕੀਤੀ ਜਾਵੇ।

ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਤੇ ਹੋਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਪੰਜਾਬ ਵਿੱਚ ਕਾਂਗਰਸ ਵੱਲੋਂ ਕੀਤੇ ਚੋਣ ਵਾਅਦਿਆਂ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਵੱਲੋਂ ਪੁਲਿਸ ਸੁਧਾਰਾਂ ਲਈ ਵਿਸਥਾਰਤ ਤਜਵੀਜ਼ ‘ਤੇ ਪਹਿਲਾਂ ਹੀ ਕੰਮ ਕੀਤਾ ਜਾ ਰਿਹਾ ਹੈ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ ਕਲਸੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡੀ.ਜੀ.ਪੀ ਸੁਰੇਸ਼ ਅਰੋੜਾ, ਏ.ਡੀ.ਜੀ.ਪੀ (ਪ੍ਰੋਵੀਜ਼ਨਿੰਗ ਐਂਡ ਆਈ.ਟੀ) ਵੀ.ਕੇ. ਭਾਵਰਾ, ਏ.ਡੀ.ਜੀ.ਪੀ ਪ੍ਰਸ਼ਾਸਨ ਇਕਬਾਲ ਪ੍ਰੀਤ ਸਿੰਘ ਸਹੋਤਾ ਅਤੇ ਆਈ.ਜੀ ਹੈਡਕੁਆਟਰ ਜਤਿੰਦਰ ਸਿੰਘ ਔਲਖ ਹਾਜ਼ਰ ਸਨ।

— PTC News