ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਦਵੇ ਦੀ ਮੌਤ 'ਤੇ ਦੁੱਖ ਪ੍ਰਗਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ (ਆਜ਼ਾਦ ਚਾਰਜ) ਸ੍ਰੀ ਅਨਿਲ ਮਾਧਵ ਦਵੇ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦਾ ਅੱਜ ਸਵੇਰੇ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਦਵੇ ਨੂੰ ਇੱਕ ਉੱਚ ਕੋਟੀ ਦਾ ਸਿਆਸਤਦਾਨ, ਯੋਗ ਸਾਂਸਦ ਅਤੇ ਉੱਘਾ ਸਮਾਜ ਸੇਵੀ ਦੱਸਿਆ ਜਿਨ੍ਹਾਂ ਨੂੰ ਵਾਤਾਵਰਣ ਅਤੇ ਦਰਿਆਵਾਂ ਦੀ ਸੰਭਾਲ ਲਈ ਸਖ਼ਤ ਨਿਯਮ ਲਾਗੂ ਕਰਨ ਦੀਆਂ ਪਹਿਲਕਦਮੀਆਂ ਵਾਸਤੇ ਹਮੇਸ਼ਾ ਹੀ ਯਾਦ ਕੀਤਾ ਜਾਵੇਗਾ। ਦੁਖੀ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ। —PTC News