Mon, May 20, 2024
Whatsapp

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਕੀਤੀ ਇਕੱਤਰਤਾ

Written by  Jasmeet Singh -- November 19th 2022 07:03 PM
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਕੀਤੀ ਇਕੱਤਰਤਾ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 19 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ।

ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਂਬਰ ਇੰਚਾਰਜਾਂ ਨਾਲ ਕੀਤੀ ਪਲੇਠੀ ਇਕੱਤਰਤਾ ਦੌਰਾਨ ਸਿੱਖ ਧਰਮ ਦੇ ਪ੍ਰਚਾਰ, ਗੁਰਦੁਆਰਾ ਸਾਹਿਬਾਨ ਦੇ ਲੰਗਰਾਂ, ਸੰਗਤ ਰਿਹਾਇਸ਼ਾਂ, ਉਸਾਰੀਆਂ, ਵਿਦਿਆ ਅਤੇ ਕਾਨੂੰਨੀ ਮਸਲਿਆਂ ਨਾਲ ਸਬੰਧਤ ਕਾਰਜਾਂ ਨੂੰ ਹੋਰ ਪੁਖਤਗੀ ਨਾਲ ਕਰਨ ਅਤੇ ਸਮੇਂ-ਸਮੇਂ ’ਤੇ ਇਸ ਦੀ ਰਿਪੋਰਟ ਉਨ੍ਹਾਂ ਨੂੰ ਦੇਣ ਬਾਰੇ ਆਖਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਲਈ ਦਿੱਤੀ ਗਈ ਜ਼ੁੰਮੇਵਾਰੀ ਨੂੰ ਸੰਗਤ ਦੀ ਭਾਵਨਾ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਂਦਿਆਂ ਲੋੜੀਂਦੇ ਸੁਝਾਅ ਦਿੱਤੇ ਜਾਣ ਅਤੇ ਸਮੇਂ-ਸਮੇਂ ਨਿਗਰਾਨੀ ਕੀਤੀ ਜਾਵੇ।


ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਦੇ ਮੁਲਾਂਕਣ ਲਈ ਲਗਾਏ ਗਏ ਮੈਂਬਰ ਇੰਚਾਰਜ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਰਜਾਂ ਦੀ ਪੜਚੋਲ ਕਰਕੇ ਇਸ ਦੀ ਰਿਪੋਰਟ ਦੇਣਗੇ ਅਤੇ ਹਰ ਮਹੀਨੇ ਸਾਰੇ ਮੈਂਬਰ ਇੰਚਾਰਜਾਂ ਦੀ ਇਕੱਤਰਤਾ ਕਰਕੇ ਉਸ ਵਿਚ ਲੋੜੀਂਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਗਏ ਸੰਘਰਸ਼ ਦੀ ਅਗਲੀ ਕੜੀ ਤਹਿਤ 1 ਦਸੰਬਰ 2022 ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੇ ਪ੍ਰੋਫਾਰਮੇ ਤਿਆਰ ਕਰ ਲਏ ਗਏ ਹਨ, ਜੋ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਪਿੰਡਾਂ, ਕਸਬਿਆਂ ਆਦਿ ਵਿਚ ਜਾ ਕੇ ਭਰਵਾਏ ਜਾਣਗੇ।

ਇਸ ਸਬੰਧ ਵਿਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਮੁਕੰਮਲ ਕਰਨ ਮਗਰੋਂ ਪੰਜਾਬ ਦੇ ਗਵਰਨਰ ਨੂੰ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਧਰਮ ਪ੍ਰਚਾਰ ਲਹਿਰ ਨੂੰ ਆਧੁਨਿਕ ਤਰਜੀਹਾਂ ਅਨੁਸਾਰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰਚਾਰਕ ਜਥੇ ਰਵਾਨਾ ਕੀਤੇ ਜਾਣਗੇ। ਇਸ ਤਹਿਤ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਸੰਵਾਦ ਵਿਧੀ ਰਾਹੀਂ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਬਾਰੇ ਸੰਗਤ ਤੱਕ ਜਾਣਕਾਰੀ ਪਹੁੰਚਾਈ ਜਾਵੇਗੀ। ਐਡਵੋਕੇਟ ਧਾਮੀ ਅਨੁਸਾਰ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਬਾਰੇ ਬੀਤੇ ਸਮੇਂ ਲਿਆ ਗਿਆ ਫੈਸਲਾ ਵੀ ਜਲਦ ਲਾਗੂ ਕੀਤਾ ਜਾਵੇਗਾ ਅਤੇ ਇਸ ਦੇ ਗਠਨ ਲਈ ਵੱਖ-ਵੱਖ ਦੇਸ਼ਾਂ ਵਿੱਚੋਂ ਸਿੱਖ ਨੁਮਾਇੰਦੇ ਲਏ ਜਾਣਗੇ।

ਭਾਈ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੇ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਕੀਤੀ ਬੈਠਕ



ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਕਰਕੇ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਭਾਈ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਸੇਵਾ ਨਿਭਾਉਣ ਸਮੇਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤ ਦੀ ਵਧਦੀ ਆਮਦ ਕਰਕੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਦੀ ਜ਼ੁੰਮੇਵਾਰੀ ਹੋਰ ਵੀ ਵਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਸ਼ੋਸ਼ਲ ਮੀਡੀਆ ਦੇ ਯੁੱਗ ਵਿਚ ਸਿੱਖੀ ਸਿਧਾਂਤਾਂ ਅਤੇ ਮਰਯਾਦਾ ਬਾਰੇ ਨਾ ਜਾਨਣ ਵਾਲੀ ਸੰਗਤ ਨੂੰ ਸਮਝਾਉਣਾ ਵੀ ਬੇਹੱਦ ਲਾਜ਼ਮੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਤਬਦੀਲੀਆਂ ਦੇ ਮੱਦੇਨਜ਼ਰ ਸੰਗਤ ਦੀ ਭਾਵਨਾ ਅਤੇ ਪ੍ਰਬੰਧਕੀ ਕੁਸ਼ਲਤਾ ਦਾ ਸੁਮੇਲ ਬਣਾ ਕੇ ਰੱਖਿਆ ਜਾਵੇ, ਤਾਂ ਜੋ ਸੰਗਤ ਚੰਗਾ ਸੁਨੇਹਾ ਲੈ ਕੇ ਜਾਵੇ। ਭਾਈ ਗਰੇਵਾਲ ਨੇ ਪਰਕਰਮਾਂ ਅੰਦਰ ਤਾਇਨਾਤ ਸੇਵਾਦਾਰਾਂ ਅਤੇ ਸੁਰੱਖਿਆ ਦਸਤੇ ਦੇ ਮੁਲਾਜ਼ਮਾਂ ਦੀ ਲਗਾਤਾਰ ਖੜ੍ਹੇ ਰਹਿ ਕੇ ਚੌਕਸੀ ਨਾਲ ਸੇਵਾ ਨਿਭਾਉਣ ਲਈ ਸ਼ਲਾਘਾ ਵੀ ਕੀਤੀ। 

- PTC NEWS

Top News view more...

Latest News view more...

LIVE CHANNELS
LIVE CHANNELS