ਪੰਜਾਬ ’ਚ ਮੋਰਚੇ ਤੋਂ ਪਹਿਲਾਂ ਕਿਸਾਨਾਂ ਦੀਆਂ ਗ੍ਰਿਫਤਾਰੀਆਂ, 22 ਅਗਸਤ ਨੂੰ ਕਿਸਾਨਾਂ ਨੇ ਕਰਨਾ ਹੈ ਚੰਡੀਗੜ੍ਹ ਵੱਲ ਕੂਚ
Punjab Farmer : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੇ ਹਜ਼ਾਰਾਂ ਕਿਸਾਨ ਅੱਜ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਲਈ ਆ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਇਸ ਸਬੰਧੀ ਸਥਿਤੀ ਸਪੱਸ਼ਟ ਕੀਤੀ ਸੀ, 22 ਅਗਸਤ ਤੋਂ ਹਜ਼ਾਰਾਂ ਕਿਸਾਨਾਂ ਵੱਲੋਂ ਮੋਰਚਾ ਲਾਇਆ ਜਾਣਾ।
ਚੰਡੀਗੜ੍ਹ ਪੁਲਿਸ-ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਧਰਨੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਪ੍ਰਸ਼ਾਸਨ ਨੂੰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਕਿਉਂਕਿ ਖਾਸਕਰ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਬੈਠੇ ਹਨ, ਇਸ ਕਾਰਨ ਕਿਸਾਨ ਚੰਡੀਗੜ੍ਹ ਮੋਰਚਾ ਲਾਉਣਗੇ।
ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮੋਰਚਾ ਨਾ ਲਾਉਣ ਲਈ ਪ੍ਰੇਰਿਆ, 20 ਅਗਸਤ ਨੂੰ ਉਨ੍ਹਾਂ ਨੇ ਕਿਸਾਨਾਂ ਨਾਲ ਕਾਫੀ ਸਮਾਂ ਮੀਟਿੰਗ ਕੀਤੀ ਪਰ ਸੂਤਰਾਂ ਅਨੁਸਾਰ ਇਹ ਮੀਟਿੰਗ ਬੇਸਿੱਟਾ ਰਹੀ।
ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਪੱਕਾ ਮੋਰਚਾ
ਫਰਵਰੀ 2023 ਤੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਪੱਕਾ ਮੋਰਚਾ ਲਾਇਆ ਗਿਆ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਚੁੱਕਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੈਂਡ ਲੈਣ ਦੇ ਸਪੱਸ਼ਟ ਨਿਰਦੇਸ਼ ਦਿੱਤੇ ਹਨ।
ਚੋਣਾਂ ਨੇੜੇ ਹੋਣ ਕਾਰਨ ਰਾਜ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਹਾਈ ਕੋਰਟ ਵੱਲੋਂ ਵੀ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ, ਜੇਕਰ ਸੂਬਾ ਸਰਕਾਰ ਨੇ ਮੋਰਚਾ ਚੁੱਕਣ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਹਾਈਕੋਰਟ ਵੱਲੋਂ ਵੀ ਸਖ਼ਤ ਹੁਕਮ ਜਾਰੀ ਕੀਤੇ ਜਾ ਸਕਦੇ ਹਨ।
ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਸੋਮਵਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਮਜ਼ਦੂਰ ਸੰਗਰਸ ਕਮੇਟੀ ਇਕਾਈ ਮਜੀਠਾ ਅਤੇ ਪੰਜਾਬ ਪੁਲਿਸ ਦੇ ਅਧਿਕਾਰਤ ਸੂਤਰਾਂ ਵਲੋ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ 16 ਕਿਸਾਨ ਜਥੇਬੰਦੀਆਂ ਦੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਸਕੱਤਰ ਪੱਧਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਚੰਡੀਗੜ੍ਹ ਵਿਖੇ ਹੋਈ ਗੱਲਬਾਤ ਅਤੇ ਬਾਅਦ ਵਿੱਚ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੀਟਿੰਗ ਤੋ ਬਾਅਦ ਵੀ 22 ਅਗਸਤ ਨੂੰ 16 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋ ਚੰਡੀਗੜ੍ਹ ਦੇ ਘਿਰਾਓ ਦੇ ਐਲਾਨ ਤੇ ਅੜੇ ਰਹਿਣ ਤੋਂ ਬਾਅਦ ਪੰਜਾਬ ਪੁਲਿਸ ਨੇ ਅਹਿਤਿਆਦ ਦੇ ਤੌਰ ਤੇ ਸਰਵਣ ਸਿੰਘ ਪੰਧੇਰ ਨੂੰ ਹਿਰਾਸਤ ਵਿਚ ਲਿਆ ਹੈ।
- PTC NEWS