Fri, May 17, 2024
Whatsapp

ਅਵਾਰਾ ਪਸ਼ੂਆਂ ਨਾਲ ਹਾਦਸਾਗ੍ਰਸਤ ਪੀੜਤਾਂ ਨੂੰ ਮੁਆਵਜ਼ੇ ਦੀ ਇਕਸਾਰ ਨੀਤੀ ਬਣਾਉਣ ਲਈ ਕਮੇਟੀ ਬਣਾਉਣ ਲਈ ਕਿਹਾ

Written by  Jasmeet Singh -- December 08th 2022 07:19 PM
ਅਵਾਰਾ ਪਸ਼ੂਆਂ ਨਾਲ ਹਾਦਸਾਗ੍ਰਸਤ ਪੀੜਤਾਂ ਨੂੰ ਮੁਆਵਜ਼ੇ ਦੀ ਇਕਸਾਰ ਨੀਤੀ ਬਣਾਉਣ ਲਈ ਕਮੇਟੀ ਬਣਾਉਣ ਲਈ ਕਿਹਾ

ਅਵਾਰਾ ਪਸ਼ੂਆਂ ਨਾਲ ਹਾਦਸਾਗ੍ਰਸਤ ਪੀੜਤਾਂ ਨੂੰ ਮੁਆਵਜ਼ੇ ਦੀ ਇਕਸਾਰ ਨੀਤੀ ਬਣਾਉਣ ਲਈ ਕਮੇਟੀ ਬਣਾਉਣ ਲਈ ਕਿਹਾ

ਚੰਡੀਗੜ੍ਹ, 8 ਦਸੰਬਰ: ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਖੁੱਲ੍ਹੇਆਮ ਘੁੰਮਦੇ ਅਵਾਰਾ ਪਸ਼ੂਆਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਖਾਸ ਵਾਹਨ ਰਾਹੀਂ ਨੇੜਲੀਆਂ ਗਊਸ਼ਾਲਾਵਾਂ ਅੰਦਰ ਛੱਡਣ ਦੀ ਵਿਵਸਥਾ ਤਿਆਰ ਕਰਨ। ਉਨ੍ਹਾਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਕਿਹਾ ਕਿ ਕੋਈ ਅਜਿਹਾ ਟਰੈਕਿੰਗ ਸਿਸਟਮ ਬਣਾਇਆ ਜਾਵੇ ਜਿਸ ਰਾਹੀਂ ਜੀਓ ਮੈਪਿੰਗ ਪਤਾ ਲੱਗ ਸਕੇ ਕਿ ਅਵਾਰਾ ਪਸ਼ੂ ਕਿਸ ਜਗ੍ਹਾਂ ਘੁੰਮ ਰਿਹਾ ਹੈ। ਇਸ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਸਕਦਾ ਹੈ ਜਿੱਥੋਂ ਅਵਾਰਾ ਪਸ਼ੂ ਵਾਲੀ ਜਗ੍ਹਾਂ ਉਤੇ ਇਸ ਨੂੰ ਲਿਜਾਣ ਵਾਲੇ ਵਾਹਨ ਨੂੰ ਭੇਜਿਆ ਜਾਵੇ।


ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸੇ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਇਸ ਨਾਲ ਮਨੁੱਖੀ ਜਾਨਾਂ ਅਜਾਈ ਜਾਂਦੀਆਂ ਹਨ। ਅਵਾਰਾ ਪਸ਼ੂਆਂ ਦੇ ਰੋਕਥਾਮ ਲਈ ਸਬੰਧਤ ਮਹਿਕਮੇ ਮਿਲ ਕੇ ਕੰਮ ਕਰਨ। ਇਸ ਦੌਰਾਨ ਮੀਟਿੰਗ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਮੁਆਵਾਜ਼ਾ ਰਾਸ਼ੀ ਦੇਣ ਦੀ ਨੀਤੀ ਉਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਟਰਾਂਸਪੋਰਟ ਤੇ ਏ.ਡੀ.ਜੀ.ਪੀ. ਟ੍ਰੈਫਿਕ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਤਾਂ ਜੋ ਢੁੱਕਵਾਂ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਈ ਜਾ ਸਕੀ।

ਇਹ ਵੀ ਪੜ੍ਹੋ: ਉੱਤਰੀ ਕੋਰੀਆ 'ਚ ਔਰਤਾਂ ਦੀ 'ਰੈੱਡ ਲਿਪਸਟਿਕ' 'ਤੇ ਲੱਗੀ ਪਾਬੰਦੀ

ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਵੈਟਰਨਰੀ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਹਾਜ਼ਰ ਸਨ।

- PTC NEWS

Top News view more...

Latest News view more...

LIVE CHANNELS
LIVE CHANNELS