DC ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ
ਪਟਿਆਲਾ, 19 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਉਸਾਰੀ ਦੇ ਕਾਰਜ ਅੰਤਿਮ ਪੜਾਅ 'ਤੇ ਹਨ ਅਤੇ ਇਹ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਕਰੀਬ 8.51 ਏਕੜ ਰਕਬੇ 'ਚ ਬਣ ਰਹੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚੱਲ ਰਹੇ ਕੰਮ ਦੀ ਤੇਜੀ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪ੍ਰਾਜੈਕਟ ਦੀ ਸਮੀਖਿਆ ਕਰ ਰਹੇ ਹਨ, ਇਸ ਲਈ ਇਸ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਵੇਂ ਬੱਸ ਅੱਡੇ ਦੇ ਮੁਕੰਮਲ ਹੋਣ 'ਤੇ ਪਟਿਆਲਾ ਸ਼ਹਿਰ ਵਾਸੀਆਂ ਅਤੇ ਹੋਰ ਸਵਾਰੀਆਂ ਨੂੰ ਆਵਾਜਾਈ ਵੇਲੇ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 60.97 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਬੱਸ ਅੱਡੇ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਨ ਲਈ ਪੀ.ਆਰ.ਟੀ.ਸੀ. ਤੋਂ ਲੋੜੀਂਦੇ ਹੋਰ ਫੰਡ ਪ੍ਰਾਪਤ ਹੋ ਗਏ ਹਨ, ਇਸ ਲਈ ਇਸ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਪੀ.ਆਰ.ਟੀ.ਸੀ. ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਅਤੇ ਪੰਜਾਬ ਰਾਜ ਬਿਜਲੀ ਨਿਗਮ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
- ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ
- PTC NEWS