Himachal Pradesh Weather: ਹਿਮਾਚਲ 'ਚ ਭਾਰੀ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Himachal Pradesh Weather: ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਮਚਾਉਣ ਵਾਲਾ ਮਾਨਸੂਨ ਮੁੜ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਆਉਣ ਵਾਲੇ 96 ਘੰਟਿਆਂ ਤੱਕ ਪਹਾੜਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਖਾਸ ਤੌਰ 'ਤੇ ਕੱਲ੍ਹ ਅਤੇ ਪਰਸੋਂ ਲਈ ਆਰੇਂਜ ਅਲਰਟ ਜਾਰੀ ਕੀਤੀ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਹਿਮਾਚਲ ਪ੍ਰਦੇਸ਼ ’ਚ 25 ਅਗਸਤ ਤੱਕ ਸੂਬੇ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚੰਬਾ, ਕਾਂਗੜਾ, ਸ਼ਿਮਲਾ, ਕੁੱਲੂ, ਮੰਡੀ, ਬਿਲਾਲਪੁਰ, ਊਨਾ, ਹਮੀਰਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ’ਚ ਚਿਤਾਵਨੀ ਜਾਰੀ ਕੀਤੀ ਹੈ। ਭਾਰੀ ਮੀਂਹ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੂਜੇ ਪਾਸੇ ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਲੋਕਾਂ ਨੂੰ ਨਦੀ-ਨਾਲਿਆਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ 26 ਅਗਸਤ ਤੋਂ ਮਾਨਸੂਨ ਕਮਜ਼ੋਰ ਹੋ ਜਾਵੇਗਾ।
ਕਾਬਿਲੇਗੌਰ ਹੈ ਕਿ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੇ ਕਾਰਨ ਸੂਬੇ ਵਿੱਚ 346 ਸੜਕਾਂ ਬੰਦ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੜਕਾਂ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਪਈਆਂ ਹਨ। ਇਸ ਕਾਰਨ 560 ਤੋਂ ਵੱਧ ਰੂਟਾਂ ’ਤੇ ਟਰਾਂਸਪੋਰਟ ਸੇਵਾਵਾਂ ਠੱਪ ਹੋ ਗਈਆਂ ਹਨ। ਬੱਸਾਂ ਨਾ ਚੱਲਣ ਕਾਰਨ ਲੋਕਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਪਈ ਹੈ।
ਇਹ ਵੀ ਪੜ੍ਹੋ: ਦਿੱਲੀ ਪੁਲਿਸ ਵੱਲੋਂ ਵੱਡੀ ਕਾਰਵਾਈ; ਨਾਬਾਲਿਗ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਰਕਾਰੀ ਅਧਿਕਾਰੀ ਅਤੇ ਪਤਨੀ ਗ੍ਰਿਫ਼ਤਾਰ
- PTC NEWS