ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ- ਮਾਨ
Punjab News: ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿੱਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਲੁਧਿਆਣਾ ਜਿੱਥੇ ਪੰਜਾਬ ਦਾ ਦਿਲ ਵੀ ਹੈ ਤੇ ਇੰਡਸਟਰੀਅਲ ਹੱਬ ਵੀ ਹੈ…ਅੱਜ ਲੁਧਿਆਣਾ ਨਗਰ ਨਿਗਮ ਨੂੰ 50 ਟਰੈਕਟਰ ਤੇ ਸ਼ਹਿਰ ਦਾ ਸੀਵਰੇਜ ਸਾਫ਼ ਰੱਖਣ ਲਈ ਅਤਿ ਆਧੁਨਿਕ ਮਸ਼ੀਨ ਨੂੰ ਹਰੀ ਝੰਡੀ ਦਿੱਤੀ…ਲੁਧਿਆਣਾ ਵਾਸੀਆਂ ਨੂੰ ਸਾਫ਼ ਸੁਥਰਾ ਸ਼ਹਿਰ ਬਣਾ ਕੇ ਦੇਵਾਂਗੇ…ਅਸੀਂ ਇਹ ਯਕੀਨੀ ਬਣਾ ਰਹੇ ਹਾਂ ਨਗਰ ਨਿਗਮਾਂ ਦਾ ਫੰਡ ਸਹੀ ਜਗ੍ਹਾ ਇਸਤੇਮਾਲ ਕਰਕੇ… pic.twitter.com/CquXpxskfa
— Bhagwant Mann (@BhagwantMann) August 2, 2023
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿੱਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
- PTC NEWS