Panchayat Elections: ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਕੀਤੀਆਂ ਭੰਗ, 31 ਦਸੰਬਰ ਨੂੰ ਪੈਂਣਗੀਆਂ ਵੋਟਾਂ...
Punjab Panchayat Elections: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਵਿਭਾਗ ਦੇ ਵਿਸ਼ੇਸ਼ ਸਕੱਤਰ ਵੱਲੋਂ ਇਨ੍ਹਾਂ ਅਦਾਰਿਆਂ ’ਤੇ ਪ੍ਰਬੰਧਕ ਨਿਯੁਕਤ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਪੰਜਾਬ ਵੱਲੋਂ ਜਾਰੀ ਕੀਤੇ ਗਏ ਐਲਾਨ ਅਨੁਸਾਰ ਰਾਜ ਵਿੱਚ ਪੰਚਾਇਤ ਕਮੇਟੀਆਂ ਦੀਆਂ ਚੋਣਾਂ 25 ਨਵੰਬਰ ਨੂੰ ਹੋਣਗੀਆਂ, ਜਦਕਿ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।
ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ
ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ। ਜਿਸ ਵਿੱਚ ਪੰਜਾਬ ਸਰਕਾਰ ਚੋਣਾਂ ਕਰਵਾਉਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਹੁਣ ਪੰਚਾਇਤੀ ਰਿਕਾਰਡ ਨੂੰ ਸੁਰੱਖਿਅਤ ਰੱਖਣ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੇਂਡੂ ਵਿਕਾਸ ਅਫ਼ਸਰ ਅਤੇ ਜੂਨੀਅਰ ਇੰਜੀਨੀਅਰ ਦੀ ਨਿਯੁਕਤੀ ਕਰ ਰਹੀ ਹੈ। ਇਸ ਦੇ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।
ਸਰਕਾਰ ਮੰਤਰੀ ਮੰਡਲ ਵਿੱਚ ਵੀ ਫੇਰਬਦਲ ਕਰਨ ਜਾ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਜਲਦ ਹੀ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਮਈ ਵਿੱਚ ਪੰਜਾਬ ਸਰਕਾਰ ਨੇ ਤੀਜੀ ਵਾਰ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਨਵੇਂ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਇਲਾਵਾ ਡੇਢ ਸਾਲ ਦੇ ਕਾਰਜਕਾਲ ਵਿੱਚ ਸੀ.ਐਮ ਮਾਨ ਨੇ ਆਪਣੀ ਕੈਬਨਿਟ ਵਿੱਚੋਂ ਤਿੰਨ ਮੰਤਰੀਆਂ ਦੀ ਛੁੱਟੀ ਵੀ ਕੀਤੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਦੋ ਪੁਰਾਣੇ ਮੰਤਰੀਆਂ ਨੂੰ ਹਟਾ ਕੇ ਦੋ ਨਵੇਂ ਵਿਧਾਇਕਾਂ ਨੂੰ ਮੰਤਰੀ ਅਹੁਦੇ ਦੇ ਸਕਦੀ ਹੈ।
- PTC NEWS