Punjab Weather Today: ਦਿੱਲੀ ਤੋਂ ਪੰਜਾਬ ਤੱਕ ਮੀਂਹ ਦਾ ਅਲਰਟ, ਕਿਹੋ ਜਿਹਾ ਰਹੇਗਾ ਮੌਸਮ? IMD ਦੀ ਭਵਿੱਖਬਾਣੀ ਜਾਣੋ
Punjab Weather Today: ਮਾਨਸੂਨ ਦੇ ਮੌਸਮ ਦੌਰਾਨ ਭਾਰੀ ਬਾਰਿਸ਼ ਹੁੰਦੀ ਹੈ। ਦਿੱਲੀ-ਐੱਨਸੀਆਰ ਵਿੱਚ ਵੀਕੈਂਡ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਅਗਲੇ 5-6 ਦਿਨਾਂ ਤੱਕ ਦਿੱਲੀ ਵਿੱਚ ਰੁੱਕ-ਰੁੱਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਓਡੀਸ਼ਾ ਦੇ 12 ਤੋਂ ਵੱਧ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਹਿਮਾਚਲ ਪ੍ਰਦੇਸ਼ 'ਚ ਮੀਂਹ ਦਾ ਕਹਿਰ ਜਾਰੀ ਹੈ। ਉੱਥੇ ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੁਣ ਤੱਕ 194 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 34 ਲੋਕ ਲਾਪਤਾ ਹਨ। ਆਈਐਮਡੀ ਨੇ 3 ਅਤੇ 4 ਅਗਸਤ ਨੂੰ ਬਿਲਾਸਪੁਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ 'ਆਰੇਂਜ ਅਲਰਟ' ਚੇਤਾਵਨੀ ਜਾਰੀ ਕੀਤੀ ਹੈ।
ਪੰਜਾਬ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਬੁੱਧਵਾਰ ਤੋਂ ਪੰਜ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਪਰ ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 3 ਤੋਂ 6 ਅਗਸਤ ਤੱਕ ਜ਼ਿਆਦਾਤਰ ਜ਼ਿਲਿਆਂ 'ਚ ਭਾਰੀ ਮੀਂਹ ਪਵੇਗਾ।
ਦਿੱਲੀ ਮੌਸਮ ਅਪਡੇਟ
ਇਸ ਹਫਤੇ ਦਿੱਲੀ ਦਾ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਨੇ 6 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ ਸਮੇਤ ਐਨਸੀਆਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ
ਹਿਮਾਚਲ ਪ੍ਰਦੇਸ਼ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦਾ ਦੌਰ ਜਾਰੀ ਹੈ। ਆਈਐਮਡੀ ਨੇ ਵੀਰਵਾਰ ਨੂੰ ਬਿਲਾਸਪੁਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ 'ਆਰੇਂਜ ਅਲਰਟ' ਚੇਤਾਵਨੀ ਜਾਰੀ ਕੀਤੀ ਹੈ। ਸਰਕਾਰੀ ਅੰਕੜਿਆਂ ਅਨੁਸਾਰ 24 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 194 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 34 ਲਾਪਤਾ ਹਨ।
- PTC NEWS