Sardar Parkash Singh Badal Cremation: ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ CM ਸਰਦਾਰ ਪ੍ਰਕਾਸ਼ ਸਿੰਘ ਬਾਦਲ, ਨਹੀਂ ਰੁਕੇ ਕਿਸੇ ਦੇ ਹੰਝੂ
Sardar Parkash Singh Badal Cremation: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਅਗਨ ਭੇਂਟ ਕੀਤਾ।ਇਸ ਮੌਕੇ ਸਭ ਦੀਆਂ ਅੱਖਾਂ 'ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ 'ਚ ਉਨ੍ਹਾਂ ਦੇ ਆਪਣੇ ਕਿੰਨੂ ਦੇ ਬਾਗ ਵਿੱਚ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸਸਕਾਰ ਲਈ ਕਿੰਨੂ ਦੇ ਬਾਗ ਵਾਲੀ ਜਗ੍ਹਾ ਨੂੰ ਪੱਧਰਾ ਕਰਕੇ ਲਗਭਗ 50 ਫੁੱਟ ਲੰਬਾ ਅਤੇ 30 ਫੁੱਟ ਚੌੜਾ ਮਕਬਰਾ ਤਿਆਰ ਕੀਤਾ ਗਿਆ ਸੀ। ਇਸ ਪਲੇਟਫਾਰਮ ਨੂੰ ਬਾਅਦ ਵਿੱਚ ਯਾਦਗਾਰ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਇੱਥੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਬਣਾਈ ਜਾਵੇਗੀ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ 'ਚ ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ, ਅਸ਼ਵਨੀ ਸ਼ਰਮਾ, ਤਰੁਣ ਚੁੱਘ, ਮਨਪ੍ਰੀਤ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੇ ਐਂਡ ਕੇ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਕਈ ਦਿੱਗਜ ਆਗੂਆਂ ਨੇ ਸ਼ਿਰਕਤ ਕੀਤੀ।
ਅੰਤਿਮ ਸਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ। ਇੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ ਦੁੱਖ ਵੰਡਾਉਣ ਲਈ ਪੁੱਜੇ। ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।
ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਥਾਂ 'ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ, ਉੱਥੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਮਾਰਕ ਵੀ ਬਣਾਇਆ ਜਾਵੇਗਾ। ਇਹ ਸਮਾਰਕ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਣਾਈ ਜਾ ਰਹੀ ਹੈ ਤਾਂ ਜੋ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਸਕਣ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਲਈ 2 ਏਕੜ ਜਗ੍ਹਾ ਖਾਲੀ ਕਰਾਈ ਗਈ ਹੈ।
ਫੋਰਟਿਸ ਹਸਪਤਾਲ ਲਏ ਸੀ ਆਖ਼ਰੀ ਸਾਹ
95 ਸਾਲਾਂ ਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਉਹ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
- PTC NEWS