Parkash Singh Badal News: ਇਸ ਦਿਨ ਹੋਵੇਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ
Parkash Singh Badal News: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫੁੱਲ ਚੁਗਣ ਦੀ ਰਸਮ ਨੂੰ ਅਦਾ ਕੀਤੀ ਗਈ। ਇਸ ਰਸਮ ਨੂੰ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ। ਇਸ ਦੌਰਾਨ ਪਰਿਵਾਰ ’ਚ ਮਾਹੌਲ ਕਾਫੀ ਗਮਗੀਨ ਬਣਿਆ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਅੰਗੀਠਾ ਸੰਭਾਲਣ ਦੀ ਰਸਮ ਕੀਤੀ ਗਈ। ਨਾਲ ਹੀ ਮੌਕੇ ’ਤੇ ਮੌਜੂਦ ਲੋਕਾਂ ਨੇ ਫੁੱਲਾਂ ਦੇ ਅੰਤਿਮ ਦਰਸ਼ਨ ਵੀ ਕੀਤੇ। ਦੱਸ ਦਈਏ ਕਿ ਭੋਗ ਤੋਂ ਬਾਅਦ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।
4 ਮਈ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਹੋਵੇਗੀ ਅੰਤਿਮ ਅਰਦਾਸ
ਮਿਲੀ ਜਾਣਕਾਰੀ ਮੁਤਾਬਿਕ 4 ਮਈ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੋਵੇਗੀ। ਫਿਲਹਾਲ ਥੋੜੀ ਦੇਰ ’ਚ ਪਰਿਵਾਰ ਅੰਤਿਮ ਅਰਦਾਸ ਦੇ ਲਈ ਸਥਾਨ ਤੈਅ ਕਰੇਗਾ।
ਬੀਤੇ ਦਿਨ ਪਿੰਡ ਬਾਦਲ ’ਚ ਕੀਤਾ ਗਿਆ ਅੰਤਿਮ ਸਸਕਾਰ
ਦੱਸ ਦਈਏ ਕਿ ਉਨ੍ਹਾਂ ਦਾ ਬੀਤੇ ਦਿਨ ਰਾਜਕੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ। ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਸੀ। ਇਸ ਦੌਰਾਨ ਕਈ ਸਿਆਸੀ ਸ਼ਖਸਿਅਤਾਂ ਵੀ ਸ਼ਾਮਲ ਹੋਈਆਂ।
ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸ਼ਰਧਾਂਜਲੀ
ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਸਾਡੇ ਦਿਲਾਂ ’ਚ ਜਿਉਂਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ 25 ਅਪ੍ਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਤਾਂ ਮੈਨੂੰ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਮੌਤ ਨਾਲ, ਮੈਂ ਇੱਕ ਪਿਤਾ ਦੀ ਸ਼ਖਸੀਅਤ ਨੂੰ ਗੁਆ ਦਿੱਤਾ ਹੈ, ਜਿਸ ਨੇ ਦਹਾਕਿਆਂ ਤੱਕ ਮੇਰਾ ਮਾਰਗਦਰਸ਼ਨ ਕੀਤਾ। ਉਨ੍ਹਾਂ ਨੇ ਇੱਕ ਤਰ੍ਹਾਂ ਨਾਲ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਨੂੰ ਅਜਿਹਾ ਰੂਪ ਦਿੱਤਾ ਹੈ, ਜੋ ਆਪਣੇ ਆਪ ਵਿੱਚ ਸ਼ਾਨਦਾਰ ਹੈ।
ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਲਏ ਸੀ ਆਖਰੀ ਸਾਹ
ਕਾਬਿਲੇਗੌਰ ਹੈ ਕਿ 95 ਸਾਲਾਂ ਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਦੱਸ ਦਈਏ ਕਿ ਉਹ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
- PTC NEWS