ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਰੀ-ਪੀਰੀ ਦਾ ਸਿਧਾਂਤ ਸਪਸ਼ਟ ਕਰਦਾ ਹੈ ਕਿ ਰਾਜਨੀਤੀ ਧਰਮ ਦੇ ਅਧੀਨ ਹੈ, ਨਾ ਕਿ ਧਰਮ ਕਿਸੇ ਸਿਆਸੀ ਸੱਤਾ ਦੇ ਅਧੀਨ। ਇਸ ਲਈ ਸਿੱਖ ਪੰਥ ਆਪਣੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਦਾ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸਤ ਦੇ ਹੰਕਾਰ ਵਿੱਚ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ ਜਿਨ੍ਹਾਂ ਦੀ ਪਹਿਚਾਣ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਨਾਲ ਜੋੜਨ ਨੌਜਵਾਨਾਂ ਨੂੰ ਨਸਿ਼ਿਆਂ ਦੇ ਦੂਰ ਰਹਿਣ ਦੀ ਪ੍ਰੇਰਨਾ ਕਰਨ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਪਿੰਡ-ਪਿੰਡ, ਸ਼ਹਿਰ-ਸ਼ਹਿਰ ਗੁਰਮਤਿ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ੀ ਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਹੀ ਸਿੱਖ ਪੰਥ ਚੜ੍ਹਦੀ ਕਲਾ ਵਿੱਚ ਰਹਿ ਸਕਦਾ ਹੈ। ਇਸ ਲਈ ਗੁਰਬਾਣੀ ਨਾਲ ਜੁੜੀਏ, ਨਸ਼ਿਆਂ ਅਤੇ ਪੰਥ-ਵਿਰੋਧੀ ਤਾਕਤਾਂ ਤੋਂ ਸੁਚੇਤ ਰਹੀਏ, ਆਪਸੀ ਭਾਈਚਾਰਾ ਮਜ਼ਬੂਤ ਕਰੀਏ ਅਤੇ ਗਰੀਬ-ਲੋੜਵੰਦਾਂ ਦੀ ਸੇਵਾ ਕਰਦਿਆਂ ਗੁਰੂ ਸਾਹਿਬ ਦੇ ਦੱਸੇ ਮਾਰਗ `ਤੇ ਚੱਲਣ ਦਾ ਪ੍ਰਣ ਕਰੀਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਸਦੀਵੀ ਅਤੇ ਸਰਵਉੱਚ ਤਖਤ ਹੈ। ਇਸ ਦੀ ਮਰਯਾਦਾ ਅਤੇ ਸਰਵਉੱਚਤਾ ਨੂੰ ਚੁਣੌਤੀ ਦੇਣ ਦੀ ਸੋਚ ਸਿੱਖ ਪੰਥ ਦੀਆਂ ਪਰੰਪਰਾਵਾਂ ਅਤੇ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਥ ਨੂੰ ਅਜਿਹੀਆਂ ਧਰਮ ਵਿਰੋਧੀ ਅਤੇ ਭਰਮ ਪੈਦਾ ਕਰਨ ਵਾਲੀਆਂ ਤਾਕਤਾਂ ਦੀ ਮਾਨਸਿਕਤਾ ਨੂੰ ਸਮਝਦਿਆਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖਾਂ ਦਾ ਫ਼ਰਜ਼ ਹੈ ਕਿ ਉਹ ਸਿੱਖ ਸੰਸਥਾਵਾਂ ਦੀ ਮਰਯਾਦਾ, ਏਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਰੱਖਿਆ ਲਈ ਇਕਜੁੱਟ ਹੋ ਕੇ ਅੱਗੇ ਆਉਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਤਖਤੂਪੁਰਾ ਸਾਹਿਬ ਮੋਗਾ ਤੋਂ ਅਗਲੇ ਪੜਾਅ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ (ਫਿਰੋਜ਼ਪੁਰ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਮੀਰੀ ਪੀਰੀ ਖਾਲਸਾ ਮਾਰਚ ਦਾ ਦੂਰਕੋਟ ਰਣਸੀਹ, ਨਿਹਾਲ ਸਿੰਘ ਵਾਲਾ, ਜਵਾਹਰ ਸਿੰਘ ਵਾਲਾ ਮੌੜ, ਖੋਟੇ, ਮਾਣੂੰਕੇ, ਫੂਲੇਵਾਲਾ ਪੁੱਲ, ਨੱਥੋਕੇ, ਬਾਘਾਪੁਰਾਣਾ ਸ਼ਹਿਰ, ਆਲਮ ਵਾਲਾ, ਲੰਗੇਆਣਾ ਨਵਾਂ ਪੁਰਾਣਾ, ਨੱਥੂਵਾਲਾ ਗਰਬੀ ਮੌੜ, ਵੱਡਾ ਘਰ, ਕੋਰੇਵਾਲਾ ਕਲਾਂ, ਕੋਰੇਵਾਲਾ ਖ਼ੁਰਦ, ਡਰੋਲੀ ਭਾਈ, ਡਗਰੂ, ਜੋਗੇਵਾਲਾ, ਦਾਰਾਪੁਰ, ਤਲਵੰਡੀ ਭਾਈ, ਲੱਲੇ, ਸਾਝੀ ਬੁਗਰਾਂ, ਠੇਠਰ ਕਲਾਂ, ਹਕੂਮਤ ਸਿੰਘ ਵਾਲਾ, ਘੱਲ ਖ਼ੁਰਦ, ਫਿਰੋਜਸਾਹ, ਮਿਸਰੀਵਾਲਾ, ਰੱਡਾ ਖੇੜਾ, ਬੱਧਨੀ ਗੁਲਾਬ ਸਿੰਘ ਵਾਲਾ, ਪਿਆਰੇਆਣਾ, ਮੱਲਵਾਲਾ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ (ਫਿਰੋਜ਼ਪੁਰ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
- PTC NEWS