
ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਬਣ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 20 ਹਜ਼ਾਰ 409 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਸਰਗਰਮ ਕੇਸਾਂ ਦੀ ਗਿਣਤੀ 1 ਲੱਖ 43 ਹਜ਼ਾਰ 988 ਹੋ ਗਈ ਹੈ।
ਭਾਰਤ ਵਿੱਚ ਹੁਣ ਤਕ 43,30,984 ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਤੰਦਰੁਸਤ ਹੋ ਚੁੱਕੇ ਹਨ।। ਇਸ ਮਹਾਮਾਰੀ ਕਾਰਨ ਹੁਣ ਤੱਕ 5 ਲੱਖ 26 ਹਜ਼ਾਰ 258 ਲੋਕਾਂ ਦੀ ਮੌਤ ਹੋ ਚੁੱਕੀ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਹੁਣ ਤਕ ਦੋ ਅਰਬ ਤਿੰਨ ਕਰੋੜ 60 ਲੱਖ 46 ਹਜ਼ਾਰ 307 ਲੋਕ ਟੀਕੇ ਦੀ ਖ਼ੁਰਾਕ ਲੈ ਚੁੱਕੇ ਹਨ। ਭਾਰਤ ਨੇ ਹਾਲ ਹੀ ਵਿੱਚ 2 ਬਿਲੀਅਨ ਟੀਕਿਆਂ ਦਾ ਵਿਸ਼ਵ ਰਿਕਾਰਡ ਬਣਾਇਆ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2,335 ਘੱਟ ਗਈ ਹੈ। ਇਸ ਦੌਰਾਨ 32 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਹੁਣ ਮਰਨ ਵਾਲਿਆਂ ਦੀ ਗਿਣਤੀ 5,26,258 ਹੋ ਗਈ ਹੈ।
ਮੰਤਰਾਲੇ ਨੇ ਕਿਹਾ ਕਿ ਕੁੱਲ ਸੰਕ੍ਰਮਿਤ ਦਾ 0.33 ਫ਼ੀਸਦੀ ਸਰਗਰਮ ਕੇਸ ਹਨ, ਜਦੋਂ ਕਿ ਰਾਸ਼ਟਰੀ ਕੋਵਿਡ -19 ਰਿਕਵਰੀ ਦਰ 98.48 ਫ਼ੀਸਦੀ ਦਰਜ ਕੀਤੀ ਗਈ ਹੈ। ਦਿੱਲੀ 'ਚ ਕੋਵਿਡ-19 ਦੇ 1,128 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਲਾਗ ਦੀ ਦਰ 6.56 ਫ਼ੀਸਦੀ ਹੈ, ਜਦਕਿ ਇਸ ਮਹਾਮਾਰੀ ਕਾਰਨ ਕਿਸੇ ਹੋਰ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।
ਦਿੱਲੀ ਵਿੱਚ ਲਗਾਤਾਰ ਦੂਜੇ ਦਿਨ ਲਾਗ ਦੇ ਇੱਕ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਅਤੇ ਲਗਾਤਾਰ ਛੇਵੇਂ ਦਿਨ ਲਾਗ ਦੀ ਦਰ ਪੰਜ ਫ਼ੀਸਦੀ ਤੋਂ ਵੱਧ ਰਹੀ। ਦਿੱਲੀ ਵਿੱਚ ਸੰਕਰਮਣ ਦੇ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ, ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 19,51,930 ਹੋ ਗਈ ਹੈ ਜਦੋਂ ਕਿ ਮਹਾਮਾਰੀ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 26,307 ਹੋ ਗਈ ਹੈ। ਇਕ ਦਿਨ ਪਹਿਲਾਂ ਕੋਵਿਡ -19 ਲਈ 17,188 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,526 ਹੈ।ਜ਼ਿਕਰਯੋਗ ਹੈ ਕਿ ਵੱਖ-ਵੱਖ ਸੂਬਾ ਸਰਕਾਰਾਂ ਤੇ ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਅਤੇ ਮੰਕੀਪੌਕਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : 1.24 ਕਰੋੜ ਰੁਪਏ ਦੇ ਗਬਨ ਦੇ ਦੋਸ਼ 'ਚ ਸਹਿਕਾਰੀ ਬੈਂਕ ਦੇ ਦੋ ਅਧਿਕਾਰੀ ਗ੍ਰਿਫਤਾਰ