ਪੰਜਾਬ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 315ਵਾਂ ਸੰਪੂਰਨਤਾ ਦਿਹਾੜਾ

By Riya Bawa -- August 29, 2021 5:17 pm

ਤਲਵੰਡੀ ਸਾਬੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 315 ਵਾਂ ਸੰਪੂਰਨਤਾ ਦਿਵਸ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਸਿੰਘ ਨੇ ਕੀਰਤਨ ਕੀਤਾ ਅਤੇ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ।

ਤਖ਼ਤ ਸਾਹਿਬ ਵਿਖੇ ਜਿਥੇ ਸਮਾਗਮ ਨੂੰ ਲੈ ਕੇ ਵਿਸ਼ੇਸ਼ ਰੋਸ਼ਨੀ ਕੀਤੀ ਗਈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੀ ਅਮ੍ਰਿੰਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਇਸ ਮੌਕੇ ਅਰਦਾਸ ਕੀਤੀ ਗਈ।

ਭੋਗ ਉਪਰੰਤ ਤਖ਼ਤ ਸਾਹਿਬ ਵਿਖੇ ਧਾਰਮਿਕ ਸਟੇਜ ਸਜਾਈ ਗਈ ਸੀ। ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ ਤੇ ਰਾਜਨੀਤੀ ਆਗੂਆਂ ਨੇ ਹਾਜ਼ਰੀ ਲਵਾਈ।

-PTC News

  • Share