ਆਬਕਾਰੀ ਘਪਲਾ ਬੇਨਕਾਬ ਹੋਣ ਮਗਰੋਂ 'ਆਪ' ਨੇਤਾ ਘਬਰਾਏ : ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਆਬਕਾਰੀ ਪਾਲਿਸੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਨਿਸ਼ਾਨਾ ਸਾਧਿਆ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਬਕਾਰੀ ਘਪਲਾ ਬੇਨਕਾਬ ਕੀਤਾ ਸੀ ਜਿਸ ਮਗਰੋਂ 'ਆਪ' ਨੇਤਾ ਘਬਰਾਏ ਹੋਏ ਹਨ। ਸੁਖਬੀਰ ਸਿੰਘ ਬਾਦਲ ਵੱਲੋਂ 500 ਕਰੋੜ ਰੁਪਏ ਦਾ ਆਬਕਾਰੀ ਘਪਲਾ ਬੇਨਕਾਬ ਕਰਨ ਤੋਂ ਬਾਅਦ 'ਆਪ' ਨੇਤਾ ਬੌਖਲਾਹਟ ਵਿਚ ਆ ਗਏ ਹਨ ਅਤੇ ਇਹੀ ਕਾਰਨ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਅਕਾਲੀ ਦਲ ਦੇ ਪ੍ਰਧਾਨ ਖਿਲਾਫ਼ ਦੂਸ਼ਣਬਾਜ਼ੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਤੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੰਤਰੀ ਕੁਲਦੀਪ ਧਾਲੀਵਾਲ ਕੋਟਕਪੁਰਾ ਫਾਇਰਿੰਗ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ਚੱਲ ਪਈ ਹੈ ਜਿਸ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲਿਆ ਸੀ।
ਇਹ ਵੀ ਪੜ੍ਹੋ : ਭਾਈ ਸਾਬ ਸਿੰਘ ਤੇ ਬਲਵਿੰਦਰ ਸਿੰਘ ਦੇ ਫਰਜ਼ੀ ਮੁਕਾਬਲੇ 'ਚ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ
ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਧਾਲੀਵਾਲ ਦਾ ਬਿਆਨ ਸਪੱਸ਼ਟ ਕਰਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਬਦਲਾਖੋਰੀ ਦੀ ਸਿਆਸਤ ਕਰ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸਾਰਾ ਆਬਕਾਰੀ ਘਪਲਾ ਬੇਨਕਾਬ ਕਰ ਦਿੱਤਾ ਸੀ ਤੇ ਦੱਸਿਆ ਸੀ ਕਿ ਕਿਵੇਂ ਚੋਣਵੇਂ ਲਾਇਸੈਂਸ ਧਾਰਕਾਂ ਦਾ ਮੁਨਾਫ਼ਾ ਦੁੱਗਣਾ ਕਰ ਕੇ ਉਨ੍ਹਾਂ ਤੋਂ ਰਿਸ਼ਵਤਾਂ ਹਾਸਲ ਕਰਨ ਲਈ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਉਦੋਂ ਤੱਕ ਟਿਕ ਕੇ ਨਹੀਂ ਬੈਠੇਗਾ ਜਦੋਂ ਤੱਕ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਐਮਪੀ ਰਾਘਵ ਚੱਢਾ ਸਮੇਤ ਜਿਨ੍ਹਾਂ ਨੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ, ਉਨ੍ਹਾਂ ਨੂੰ ਸਜ਼ਾ ਨਹੀਂ ਮਿਲਦੀ। ਉਨ੍ਹਾਂ ਨੇ ਕਿਹਾ ਕਿ ਅਸੀਂ ਜਲਦੀ ਹੀ ਸੀਬੀਆਈ ਤੇ ਈਡੀ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਕੋਲ ਸ਼ਿਕਾਇਤ ਦਰ ਕਰ ਕੇ ਘਪਲੇ ਦੀ ਨਿਰਪੱਖ ਜਾਂਚ ਮੰਗ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਇਸ ਘੁਟਾਲੇ ਵਿਚ ਸ਼ਾਮਲ 'ਆਪ' ਦੇ ਸਾਰੇ ਆਗੂ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।
-PTC News