'ਆਪ' ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ: ਚੰਨੀ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਪਰ ਉਹ ਆਪਣੇ ਆਪ ਨੂੰ ਸੂਬੇ ਦੇ ਲੋਕਾਂ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਫ਼ੀ ਉਤਾਵਲੇ ਹਨ।
'ਆਪ' ਦੀ ਦਿੱਲੀ ਲੀਡਰਸ਼ਿਪ 'ਤੇ ਬਸਤੀਵਾਦੀ ਸ਼ਕਤੀ ਵਾਂਗ ਵਿਵਹਾਰ ਕਰਨ ਲਈ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੋਸਟਰਾਂ ਅਤੇ ਫਲੈਕਸਾਂ 'ਤੇ ਵੀ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਦੀਆਂ ਤਸਵੀਰਾਂ ਨਹੀਂ ਵਰਤ ਰਹੇ ਹਨ, ਜਿਸ ਤੋਂ ਉਹਨਾਂ ਦੇ ਪੰਜਾਬ ਨੂੰ ਆਪਣੇ ਅਧੀਨ ਕਰਨ ਦੇ ਨਾਪਾਕ ਮਨਸੂਬੇ ਸਪੱਸ਼ਟ ਹੋ ਜਾਂਦੇ ਹਨ। ਭਗਵੰਤ ਮਾਨ ਨੂੰ ਅਸਿੱਧੇ ਤੌਰ ‘ਤੇ ਨਿਸ਼ਾਨੇ ਉੱਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੁਟਕਲੇ ਸੁਣਾਉਣਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਨਾਲੋਂ ਬਿਲਕੁਲ ਵੱਖਰੀ ਚੀਜ਼ ਹੈ ਅਤੇ ਵਿਕਾਸ ਸਿਰਫ਼ ਬਾਹਰਲੇ ਲੋਕਾਂ ਨਾਲ ਆਟੋ-ਰਿਕਸ਼ਾ ਵਿੱਚ ਮੌਜਾਂ ਮਾਣ ਕੇ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਅੱਜ ਇੱਥੇ ਪਿੰਡ ਦੇਹ ਕਲਾਂ ਅਤੇ ਘਾਬਦਾਂ ਵਿਖੇ ਸ੍ਰੀ ਸੀਮਿੰਟ ਲਿਮਟਿਡ ਸੰਗਰੂਰ ਪ੍ਰਾਜੈਕਟ ਅਤੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਰੱਖਣ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਾਂਗਰਸ ਦੇ ਮੌਜੂਦਾ ਸਮੇਂ ਨੂੰ ‘ਯੁੱਗ ਪਰਿਵਰਤਨ’ ਦਾ ਸਮਾਂ ਦੱਸਿਆ ਜਦੋਂ ਅਸਲ ਵਿੱਚ ਸੱਤਾ ਆਮ ਲੋਕਾਂ ਦੇ ਹੱਥਾਂ ਵਿੱਚ ਆ ਗਈ ਹੈ ਅਤੇ ਇਸ ਤਰ੍ਹਾਂ ਰਜਵਾੜਾਸ਼ਾਹੀ ਦੇ ਦੌਰ ਦਾ ਅੰਤ ਹੋ ਗਿਆ ਹੈ।
-PTC News