ਹੋਰ ਖਬਰਾਂ

ਸੋਸ਼ਲ ਮੀਡੀਆ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ

By Jashan A -- August 02, 2021 4:28 pm

ਅੰਮ੍ਰਿਤਸਰ: ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੋਸ਼ਲ ਮੀਡੀਆ ’ਤੇ ਇਕ ਨੌਜੁਆਨ ਵੱਲੋਂ ਲਾਈਵ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਉਸ ਵਿਰੁੱਧ ਕਾਰਵਾਈ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਤਨਾਮ ਸੰਧੂ ਨਾਂ ਦੇ ਵਿਅਕਤੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਤੋਂ ਲਾਈਵ ਹੋ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਰੁੱਧ ਝੂਠੀ ਬਿਆਨਬਾਜ਼ੀ ਕੀਤੀ ਗਈ ਹੈ।

ਉਸ ਵੱਲੋਂ ਕਿਸਾਨੀ ਸੰਘਰਸ਼ ਤੋਂ ਆ ਰਹੇ ਲੋਕਾਂ ਤੋਂ ਗੁਰਦੁਆਰਾ ਸਾਹਿਬ ’ਚ ਪੈਸੇ ਲੈ ਕੇ ਕਮਰੇ ਦੇਣ ਦੇ ਦੋਸ਼ਾਂ ਵਿਚ ਕੋਈ ਸੱਚਾਈ ਨਹੀਂ ਹੈ। ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਸਾਨਾਂ ਲਈ ਲੋੜ ਅਨੁਸਾਰ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਲੰਗਰਾਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਵੀ ਬਿਲਕੁਲ ਫਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਦੋ ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਰਮਦਾਸ ਨੇ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਸ਼੍ਰੋਮਣੀ ਕਮੇਟੀ ’ਤੇ ਝੂਠੇ ਇਲਜ਼ਾਮ ਲਗਾਏ ਹਨ ਕਿ ਉਥੇ ਕਿਸਾਨ ਸੰਘਰਸ਼ ’ਤੇ ਜਾ ਰਹੇ ਲੋਕਾਂ ਨੂੰ ਕਮਰੇ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦੇ ਦੋਸ਼ ਬਿਲਕੁਲ ਗਲਤ ਹਨ, ਜਦਕਿ ਰਿਕਾਰਡ ਅਨੁਸਾਰ ਇਹੀ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ। ਗੁਰਦੁਆਰਾ ਸਾਹਿਬ ਦੀ ਸਰਾਂ ਵਿਖੇ ਲਗਾਏ ਗਏ ਰਜਿਸਟਰ ਵਿਚ ਹਰਇਕ ਨੂੰ ਦਿੱਤੇ ਜਾਂਦੇ ਕਮਰਿਆਂ ਦਾ ਰਿਕਾਰਡ ਮੌਜੂਦ ਹੈ।

ਹੋਰ ਪੜ੍ਹੋ: ਓਲੰਪਿਕ ਖੇਡ ਹਾਰਦਿਕ ਸਿੰਘ ਨੇ ਦਾਦੇ ਦਾ ਸੁਫਨਾ ਕੀਤਾ ਪੂਰਾ, ਪਰਿਵਾਰ ਨੂੰ ਵੱਡੀਆਂ ਉਮੀਦਾਂ

ਇਸ ਤੋਂ ਇਲਾਵਾ ਇਕ ਵਿਸ਼ੇਸ਼ ਰਜਿਸਟਰ ਕਿਸਾਨ ਸੰਘਰਸ਼ ’ਤੇ ਜਾਣ ਵਾਲੇ ਕਿਸਾਨਾਂ ਲਈ ਵੀ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਵਾਲੇ ਲੋਕਾਂ ਨੂੰ ਬਿਲਕੁਲ ਮੁਫ਼ਤ ਕਮਰੇ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਰਿਕਾਰਡ ਵਿਸ਼ੇਸ਼ ਰਜਿਸਟਰ ਵਿਚ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ, ਜਿਸ ਦੀ ਕੋਈ ਵੀ ਭੇਟਾ ਨਹੀਂ ਲਈ ਗਈ।

ਇਸ ਵਿਅਕਤੀ ਨੇ ਜਾਣਬੁਝ ਕੇ ਹੁਲੜਬਾਜ਼ੀ ਕੀਤੀ ਅਤੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕੀਤੀ। ਇਸ ਨੇ ਬਿਨਾ ਵਜ੍ਹਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਹੈ।

ਰਮਦਾਸ ਨੇ ਕਿਹਾ ਕਿ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸਤਨਾਮ ਸੰਧੂ ਨਾਂ ਦੇ ਇਸ ਵਿਅਕਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਪਰਚੇ ਦਰਜ਼ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੇ ਪ੍ਰਬੰਧਾਂ ਦੀ ਬਦਨਾਮੀ ਕਰਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾ ਦਿੱਤੀ ਹੈ।

-PTC News

  • Share