ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਿੰਦਰ ਸਿੰਘ ਰਣੀਆਂ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਹਰਿੰਦਰ ਸਿੰਘ ਰਣੀਆਂ 2004 ਵਿਚ ਜ਼ਿਲ੍ਹਾ ਮੋਗਾ ਦੇ ਹਲਕਾ ਬੱਧਨੀਕਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿੰਦਰ ਸਿੰਘ ਰਣੀਆਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਹਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਜਿਥੇ ਵੱਡੀਆਂ ਧਰਮ ਪ੍ਰਚਾਰ ਸੇਵਾਵਾਂ ਨਿਭਾਈਆਂ, ਉਥੇ ਹੀ ਗੁਰਦੁਆਰਾ ਪ੍ਰਬੰਧਾਂ ਦੀ ਬੇਹਤਰੀ ਲਈ ਕਾਰਜ ਕੀਤੇ। ਉਨ੍ਹਾਂ ਹਰਿੰਦਰ ਸਿੰਘ ਰਣੀਆਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਵੀ ਹਰਿੰਦਰ ਸਿੰਘ ਰਣੀਆਂ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।
-PTC News