
ਸੰਗਰੂਰ ‘ਚ ਰੇਲ ਰੋਕੋ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਦੀ ਹੋਈ ਮੌਤ,ਪੜ੍ਹੋ ਪੂਰੀ ਖ਼ਬਰ:ਸੰਗਰੂਰ : ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਸੁਧਾਰ ਕਾਨੂੰਨ ਵਿਰੁੱਧ ਪੰਜਾਬ ‘ਚ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿਛਲੇ 20 ਦਿਨਾਂ ਤੋਂ ਕਿਸਾਨ, ਮਜ਼ਦੂਰ, ਆੜ੍ਹਤੀਏ ਤੇ ਆਮ ਲੋਕ ਸੜਕਾਂ ‘ਤੇ ਉੱਤਰੇ ਹੋਏ ਹਨ ਤੇ ਰੇਲਵੇ ਟ੍ਰੈਕ ਜਾਮ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਦੌਰਾਨ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਵਿਖੇ ਇੱਕ 65 ਸਾਲਾ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ ਵਿਚ ਸ਼ਾਮਲ ਹੋ ਰਹੇ ਕਿਸਾਨ ਲਾਭ ਸਿੰਘ ਦੀ ਰੇਲਵੇ ਸਟੇਸ਼ਨ ਸੰਗਰੂਰ ‘ਤੇ ਮੌਤ ਹੋ ਗਈ ਹੈ।

ਇੱਕ ਪਾਸੇ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਣਾਈ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ।
Agriculture Bill : Elderly farmer killed during Rail Roko Andolan in Sangrur
-PTCNews