ਅਕਾਲੀ-ਭਾਜਪਾ ਵਿਧਾਇਕ ਦਲ ਨੇ ਸਪੀਕਰ ਨੂੰ ਲਾਭ ਵਾਲੇ ਅਹੁਦੇ ਸਵੀਕਾਰ ਕਰਨ ਵਾਲੇ 7 ਕਾਂਗਰਸੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਆਖਿਆ

By Jashan A - September 11, 2019 7:09 pm

ਅਕਾਲੀ-ਭਾਜਪਾ ਵਿਧਾਇਕ ਦਲ ਨੇ ਸਪੀਕਰ ਨੂੰ ਲਾਭ ਵਾਲੇ ਅਹੁਦੇ ਸਵੀਕਾਰ ਕਰਨ ਵਾਲੇ 7 ਕਾਂਗਰਸੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਆਖਿਆ

ਸਪੀਕਰ ਨੂੰ ਕਿਹਾ ਕਿ ਉਹ ਕਰਨਾਟਕ ਅਤੇ ਹਰਿਆਣਾ ਦੇ ਸਪੀਕਰਾਂ ਵੱਲੋਂ ਕੀਤੀ ਕਾਰਵਾਈ ਵਾਂਗ 'ਆਪ' ਤੋਂ ਅਸਤੀਫਾ ਦੇ ਚੁੱਕੇ ਚਾਰ ਵਿਧਾਇਕਾਂ ਤੇ ਤਿੰਨ ਆਪ ਬਾਗੀਆਂ ਨੂੰ ਅਯੋਗ ਠਹਿਰਾਉਣ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਆਖਿਆ ਕਿ ਉਹ ਲਾਭ ਵਾਲਾ ਅਹੁਦਾ ਸਵੀਕਾਰ ਕਰਨ ਲਈ ਸੱਤ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਠਹਿਰਾਉੁਣ। ਇਸ ਤੋਂ ਇਲਾਵਾ ਵਿਧਾਇਕ ਦਲ ਨੇ ਆਪ ਤੋਂ ਅਸਤੀਫਾ ਦੇ ਚੁੱਕੇ ਚਾਰ ਵਿਧਾਇਕਾਂ ਨੂੰ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਕਰਨ ਲਈ ਅਯੋਗ ਠਹਿਰਾਉਣ ਜਾਣ ਦੀ ਵੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਦਲ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਵੱਲੋਂ ਸ੍ਰੀ ਅਰੁਣ ਨਾਰੰਗ ਦੀ ਅਗਵਾਈ ਵਾਲੇ ਵਿਧਾਇਕ ਦਲ ਨੇ ਸਪੀਕਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿਚ ਇੱਕ ਗੰਭੀਰ ਸੰਵਿਧਾਨਿਕ ਸੰਕਟ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਸੱਤ ਕਾਂਗਰਸੀ ਆਗੂਆਂ ਰਾਜ ਕੁਮਾਰ ਵੇਰਕਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੇ ਸਰਕਾਰ ਅੰਦਰ ਕੈਬਨਿਟ ਮੰਤਰੀ ਅਤੇ ਰਾਜ ਮੰਤਰੀ ਦੇ ਦਰਜੇ ਵਾਲੇ ਸਲਾਹਕਾਰਾਂ ਦੇ ਅਹੁਦੇ ਸਵੀਕਾਰ ਕਰਕੇ ਖੁਦ ਨੂੰ ਅਯੋਗ ਬਣਾ ਲਿਆ ਹੈ।

ਹੋਰ ਪੜ੍ਹੋ:ਚਾਰ ਸਾਬਕਾ ਆਪ ਵਿਧਾਇਕਾਂ ਖ਼ਿਲਾਫ ਕਾਰਵਾਈ ਨਾ ਕਰਕੇ ਸੰਵਿਧਾਨ ਅਤੇ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਹੈ: ਸ਼੍ਰੋਮਣੀ ਅਕਾਲੀ ਦਲ

ਉਹਨਾਂ ਕਿਹਾ ਕਿ ਇਹ ਨਿਯੁਕਤੀਆਂ ਸੰਵਿਧਾਨ ਦੀ 91ਵੀਂ ਸੋਧ ਦੀ ਉਲੰਘਣਾ ਕਰਦੀਆਂ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਮੰਤਰੀਆਂ ਦੀ ਗਿਣਤੀ ਸਦਨ ਦੀ ਕੁੱਲ ਗਿਣਤੀ ਦਾ 15 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।ਅਕਾਲੀ-ਭਾਜਪਾ ਵਫ਼ਦ ਨੇ ਇਹ ਗੱਲ ਵੀ ਸਪੀਕਰ ਦੇ ਧਿਆਨ ਵਿਚ ਲਿਆਂਦੀ ਕਿ ਕਾਂਗਰਸ ਸਰਕਾਰ ਨੇ ਨਵੇਂ ਸਲਾਹਕਾਰਾਂ ਨੂੰ ਕੈਬਨਿਟ ਮੰਤਰੀਆਂ ਦਾ ਦਰਜਾ ਦੇ ਕੇ ਸਰਕਾਰੀ ਖਜ਼ਾਨੇ ਉੱਤੇ ਕਰੋੜਾਂ ਰੁਪਏ ਦਾ ਬੋਝ ਪਾ ਦਿੱਤਾ ਹੈ। ਮੈਂਬਰਾਂ ਨੇ ਕਿਹਾ ਕਿ ਇਹ ਸਭ ਆਮ ਲੋਕਾਂ ਦੀਆਂ ਲੋੜਾਂ ਦੀ ਬਲੀ ਲੈ ਕੇ ਕੀਤਾ ਗਿਆ ਹੈ।

ਇਹਨਾਂ ਵਿਚ 25 ਲੱਖ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਨਹੀਂ ਮਿਲ ਰਿਹਾ, ਦਲਿਤ ਵਜ਼ੀਫੇ ਰੋਕ ਰੱਖੇ ਹਨ, ਕਿਸਾਨਾਂ ਨੂੰ ਗੰਨੇ ਦੇ ਬਕਾਏ ਨਹੀਂ ਦਿੱਤੇ ਜਾ ਰਹੇ, ਸਰਕਾਰੀ ਮੁਲਾਜ਼ਮਾਂ ਨੂੰ ਡੀਏ ਨਹੀਂ ਦਿੱਤਾ ਜਾ ਰਿਹਾ ਅਤੇ ਇੱਥੋਂ ਤਕ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਪਵਿਤਰ ਦਿਹਾੜੇ ਲਈ ਫੰਡ ਜਾਰੀ ਨਹੀਂ ਕੀਤੇ ਹਨ।
ਅਕਾਲੀ-ਭਾਜਪਾ ਵਿਧਾਇਕਾਂ ਨੇ ਦੱਸਿਆ ਕਿ ਜਿੱਥੇ ਤਕ ਆਪ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਚਾਰ ਆਪ ਵਿਧਾਇਕਾਂ ਦਾ ਸੰਬੰਧ ਹੈ, ਇਹਨਾਂ ਵਿਧਾਇਕਾਂ ਨੇ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਕੀਤੀ ਹੈ।

ਉਹਨਾਂ ਦੱਸਿਆ ਕਿ ਸੰਵਿਧਾਨ ਦੀ ਦਸਵੀਂ ਸੂਚੀ ਦੇ ਅਨੁਸਾਰ ਜੇਕਰ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜਿਆ ਸਦਨ ਦਾ ਕੋਈ ਮੈਂਬਰ ਆਪਣੀ ਪਾਰਟੀ ਦੀ ਮੈਬਰਸ਼ਿਪ ਜਾਣ ਬੁੱਝ ਕੇ ਛੱਡਦਾ ਹੈ ਤਾਂ ਉਸ ਨੂੰ ਸਦਨ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਜਾਵੇਗਾ।ਵਫ਼ਦ ਨੇ ਦੱਸਿਆ ਕਿ ਆਪ ਦੇ ਚਾਰ ਵਿਧਾਇਕ ਆਪਣੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਹਨ।

ਇਹਨਾਂ ਵਿਚ ਤਿੰਨ ਵਿਧਾਇਕਾਂ ਭੁਲੱਥ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ, ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਜੈਤੋ ਤੋਂ ਮਾਸਟਰ ਬਲਦੇਵ ਸਿੰਘ ਨੇ ਅੱਠ ਮਹੀਨੇ ਪਹਿਲਾਂ ਜਨਵਰੀ 2019 ਵਿਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਜਦਕਿ ਅਮਰਜੀਤ ਸਿੰਘ ਸੰਦੋਆ ਨੇ ਮਈ 2019 ਵਿਚ ਅਸਤੀਫਾ ਦਿੱਤਾ ਸੀ। ਉਹਨਾਂ ਅੱਗੇ ਦੱਸਿਆ ਕਿ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਨਾਂ ਦੀ ਨਵੀਂ ਸਿਆਸੀ ਪਾਰਟੀ ਬਣਾ ਲਈ ਸੀ ਜਦਕਿ ਮਾਨਸ਼ਾਹੀਆ ਅਤੇ ਸੰਦੋਆ ਕਾਂਗਰਸ ਵਿਚ ਸ਼ਾਮਿਲ ਹੋ ਗਏ ਸਨ।

ਵਫ਼ਦ ਨੇ ਇਹ ਵੀ ਦੱਸਿਆ ਕਿ ਇਸ ਸੰਬੰਧੀ ਦੋ ਤਰ੍ਹਾਂ ਦੇ ਨਿਯਮ ਨਹੀਂ ਹੋਣੇ ਚਾਹੀਦੇ। ਕਰਨਾਟਕ ਅਤੇ ਹਰਿਆਣਾ ਦੇ ਸਪੀਕਰਾਂ ਨੇ ਪਾਰਟੀਆਂ ਬਦਲਣ ਵਾਲੇ ਵਿਧਾਇਕਾਂ ਖ਼ਿਲਾਫ ਕਾਰਵਾਈ ਕੀਤੀ ਸੀ ਅਤੇ ਉਹਨਾਂ ਨੂੰ ਅਯੋਗ ਕਰਾਰ ਦਿੱਤਾ ਸੀ।ਵਫ਼ਦ ਨੇ ਸਪੀਕਰ ਨੂੰ ਉਹਨਾਂ ਤਿੰਨ ਆਪ ਵਿਧਾਇਕਾਂ ਪੀਰਮਲ ਸਿੰਘ, ਜਗਦੇਵ ਕਮਾਲੂ ਅਤੇ ਜਗਤਾਰ ਜੱਗਾ ਖ਼ਿਲਾਫ ਵੀ ਅਯੋਗ ਠਹਿਰਾਉਣ ਦੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ, ਜਿਹੜੇ ਆਪਣੀ ਸਿਆਸੀ ਪਾਰਟੀ ਤੋਂ ਬਗਾਵਤ ਕਰ ਚੁੱਕੇ ਹਨ।ਵਫ਼ਦ ਦੇ ਮੈਂਬਰਾਂ ਵਿਚ ਸ਼ਰਨਜੀਤ ਸਿੰਘ ਢਿੱਲੋਂ, ਪਵਨ ਕੁਮਾਰ ਟੀਨੂੰ, ਲਖਬੀਰ ਸਿੰਘ ਲੋਧੀਨੰਗਲ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾਕਟਰ ਸੁਖਵਿੰਦਰ ਸੁੱਖੀ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਦਿਲਰਾਜ ਸਿੰਘ ਭੂੰਦੜ ਅਤੇ ਬਲਦੇਵ ਖਾਰਾ ਸ਼ਾਮਿਲ ਸਨ।

-PTC News

adv-img
adv-img