ਪੰਜਾਬ

ਕੇਜਰੀਵਾਲ ਵੱਲੋਂ ਜਾਰੀ ਗੀਤ 'ਤੇ ਅਕਾਲੀ ਦਲ ਦੇ ਸਵਾਲ

By Pardeep Singh -- January 12, 2022 6:44 pm -- Updated:January 13, 2022 11:00 am

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਪ੍ਰੈੱਸ ਕਾਨਫ਼ਰੰਸ ਕਰ 'ਕੇਜਰੀਵਾਲ' 'ਤੇ ਨਿਸ਼ਾਨਾ ਸਾਧਿਆ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦਾ ਇਹ ਦਾਅਵਾ ਕਰ ਕੇ ਅਪਮਾਨ ਕਰ ਰਹੀ ਹੈ ਕਿ ਉਹ ਸੂਬੇ ਵਿੱਚ ਸਰਕਾਰ ਚਲਾਉਣ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਪੰਜਾਬੀਆਂ ’ਤੇ ਬਾਹਰੀ ਵਿਅਕਤੀ ਥੋਪਣਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਾਰ-ਵਾਰ ਨਾਅਰਿਆਂ ਦੇ ਨਾਲ ਨਾਲ ਪੇਡ ਨਿਊਜ਼ ਜਾਰੀ ਕਰ ਕੇ ਪੰਜਾਬੀਆਂ ਨੁੰ ਅਪਮਾਨਿਤ ਕਰਨਾ ਅਤੇ ਆਪਣੇ ਆਪ ਨੂੰ ਪੰਜਾਬ ਦਾ ਰਾਖਾ ਸਾਬਤ ਕਰਨ ਦਾ ਯਤਨ ਕਰ ਰਹੇ ਹਨ।

ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਇਹਨਾਂ ਸੀਨੀਅਰ ਆਗੂਆਂ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕੇਜਰੀਵਾਲ ਨੇ ਸੁੱਚਾ ਸਿੰਘ ਛੋਟੇਪੁਰ, ਐਚ ਐਸ ਫੂਲਕਾ ਤੇ ਸੁਖਪਾਲ ਖਹਿਰਾ ਸਮੇਤ ਪੰਜਾਬੀ ਆਗੂਆਂ ਨੁੰ ਅਪਮਾਨਤ ਕੀਤਾ ਹੈ। ਉਹਨਾਂ ਕਿਹਾ ਕਿ ਕਿਉਂਕਿ ਪਿਛਲੇ ਛੇ ਮਹੀਨਿਆਂ ਤੋਂ ਉਹ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਦਾ ਚੇਹਰਾ ਐਲਾਨੇ ਜਾਣ ਦੇ ਤਰਲੇ ਕੱਢਵਾ ਰਹੇ ਹਨ।

ਇਹਨਾਂ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਕਿਸਾਨ ਜਥੇਬੰਦੀਆਂ ਤੇ ਉਹਨਾਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੀ ਅਪਮਾਨ ਕੀਤਾ ਹੈ। ਆਪ ਨੇ ਪਹਿਲਾਂ ਕਿਹਾ ਸੀ ਕਿ ਉਸਦੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚਲ ਰਹੀ ਹੈ ਤੇ ਉਸ ਨੇ ਇਹ ਵੀ ਸੰਕੇਤ ਦਿੱਤੇ ਸਨ ਕਿ ਉਹ ਬਲਬੀਰ ਸਿੰਘ ਕੇਜਰੀਵਾਲ ਨੁੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਵਿਚਾਰ ਕਰ ਰਹੀ ਹੈ। ਪਰ ਬਾਅਦ ਵਿੱਚ ਕੇਜਰੀਵਾਲ ਨੇ ਰਾਜੇਵਾਲ ਦਾ ਇਹ ਕਹਿ ਕੇ ਅਪਮਾਨ ਕੀਤਾ ਕਿ ਕਿ ਉਹਨਾਂ ਨੇ ਦੋ ਸਰਵੇਖਣ ਕਰਵਾਏ ਹਨ ਜਿਹਨਾਂ ਵਿਚ ਇਹ ਸਾਬਤ ਹੋਇਆ ਹੈ ਕਿ ਰਾਜੇਵਾਲ ਅਤੇ ਕਿਸਾਨ ਜਥੇਬੰਦੀਆਂ ਨੂੰ ਕੋਈ ਸੀਟ ਨਹੀਂ ਆਉਣ ਵਾਲੀ।

ਚੰਦੂਮਾਜਰਾ ਤੇ ਭੁੰਦੜ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਅਤੇ ਇਸਦੇ ਦਿੱਲੀ ਦੇ ਮੁੱਖ ਮੰਤਰੀ  ਕੇਜਰੀਵਾਲ ਵਾਰ-ਵਾਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਟੈਂਡ ਲੈਂਦੇ ਰਹੇ ਹਨ। ਉਹਨਾਂ ਕਿਹਾ ਕਿ  ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੀ ਅਰਜ਼ੀ ਦਿੱਲੀ ਦੇ ਮੁੱਖ ਮੰਤਰੀ ਦੇ ਟੇਬਲ ’ਤੇ ਹੋਣ ਦੇ ਬਾਵਜੂਦ ਉਹ ਇਸ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਸੁਪਰੀਮ ਕੋਰਅ ਵਿੱਚ ਪਹੁੰਚ ਕਰ ਕੇ ਆਖਿਆ ਸੀ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਵੀ ਦੁਆਇਆ ਜਾਵੇ। ਆਪ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਵੀ ਕੀਤੀ ਸੀ ਤੇ ਇਹ ਮੰਗ ਵੀ ਕੀਤੀ ਸੀ ਕਿ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਖਿਲਾਫ ਫੌਜ਼ਦਾਰੀ ਕੇਸ ਦਰਜ ਕੀਤੇ ਜਾਣ।

ਇਹ ਵੀ ਪੜ੍ਹੋ:ਸੰਯੁਕਤ ਸਮਾਜ ਮੋਰਚਾ ਵੱਲੋਂ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ

ਇਹਨਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਾਉਣ ਤੋਂ ਇਨਕਾਰ ਕੀਤਾ ਸੀ। ਉਹਨਾਂ ਦੱਸਿਆ ਕਿ ਕਿਵੇਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਿਆਖਿਆਂ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਸੂਬੇ ਦੇ ਨੌਜਵਾਨਾਂ ਨਾਲ ਮੰਦਾ ਵਿਹਾਰ ਕੀਤਾ ਗਿਆ।
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਕੀ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਚੀਮਾ ਸਿਰਫ ਇਸ ਕਰ ਕੇ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਐਲਾਨਣ ਦੇ ਯੋਗ ਨਹੀਂ ਹੈ ਕਿਉਂਕਿ ਉਹ ਐਸਸੀ ਭਾਈਚਾਰੇ ਤੋਂ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਕੀਤੇ ਵਾਅਦੇ ’ਤੇ ਵੀ ਧੋਖਾ ਕੀਤਾ ਤੇ ਜਦੋਂ ਕਿਹਾ ਗਿਆ ਤਾਂ ਹਮਾਇਤ ਕਰਨ ਤੋਂ ਮੁਕਰ ਗਏ।

ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਇਹ ਦੱਸਿਆ ਕਿ ਕਿਵੇਂ ਦਿੱਲੀ ਦੀ ਆਪ ਸਰਕਾਰ ਨੇ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ। ਉਹਨਾਂ ਕਿਹਾ ਕਿ ਭਾਵੇਂ ਦਿੱਲੀ ਵਿੱਚ ਕਿਸਾਨਾਂ ਦੀ ਗਿਣਤੀ ਥੋੜ੍ਹੀ ਹੈ ਪਰ ਇਸਦੇ ਬਾਵਜੂਦ ਉਹਨਾਂ ਨੁੰ ਮੁਫ਼ਤ ਬਿਜਲੀ ਸਪਲਾਈ ਤੇ ਹੋਰ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ:ਦੇਸ਼ 'ਚ 24 ਘੰਟਿਆਂ 'ਚ 2,47,417 ਨਵੇਂ ਮਾਮਲੇ

-PTC News

  • Share