ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਸਬੰਧੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਲਿਖਿਆ ਪੱਤਰ

By  Joshi June 24th 2017 05:24 PM -- Updated: June 24th 2017 09:15 PM

ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ: ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਇਕ ਵਫ਼ਦ ਨੇ ਮੁਲਾਕਾਤ ਕਰਕੇ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ। ਪ੍ਰੋ. ਬਡੂੰਗਰ ਨਾਲ ਮੁਲਾਕਾਤ ਕਰਨ ਪਹੁੰਚੇ ਇਸ ਵਫ਼ਦ ਵਿਚ ਗੁਰਦੁਆਰਾ ਡਿਸਟ੍ਰਿਕ ਬੋਰਡ ਜੰਮੂ ਕਸ਼ਮੀਰ ਦੇ ਪ੍ਰਧਾਨ ਸ. ਮੋਹਨ ਸਿੰਘ ਤਰਾਲੀ, ਜਨਰਲ ਸਕੱਤਰ ਸ. ਭੁਪਿੰਦਰ ਸਿੰਘ ਅਤੇ ਸ. ਪਰਮਿੰਦਰ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਫ਼ਦ ਦੇ ਮੈਂਬਰਾਂ ਪਾਸੋਂ ਮਾਮਲੇ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਤੁਰੰਤ ਇਕ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕਰਦਿਆਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦਿਵਾਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਜੰਮੂ ਕਸ਼ਮੀਰ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਨਾ ਦੇਣਾ ਮੰਦਭਾਗਾ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਵੰਡ ਤੋਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਜੰਮੂ ਅਤੇ ਕਸ਼ਮੀਰ ਪੰਜਾਬ ਰਾਜ ਦਾ ਹਿੱਸਾ ਸਨ ਤੇ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਮਿਲਦਾ ਰਿਹਾ, ਪਰ ਅੱਜ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਬਣਦੇ ਸਤਿਕਾਰ ਤੋਂ ਵਾਂਝਿਆਂ ਕੀਤਾ ਗਿਆ ਹੈ। ਜੰਮੂ ਕਸ਼ਮੀਰ ਦੇ ਸਕੂਲਾਂ ਅੰਦਰ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ਵਿਚੋਂ ਮਨਫ਼ੀ ਕਰਨਾ ਪੰਜਾਬੀ ਭਾਸ਼ਾ ਪ੍ਰਤੀ ਵਿਤਕਰੇ ਵਾਲਾ ਫ਼ੈਸਲਾ ਹੈ। ਉਨ੍ਹਾਂ ਮੰਗ ਕੀਤੀ ਕਿ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦੇਣ ਲਈ ਇਸ ਮਸਲੇ ਸਬੰਧੀ ਸੰਜੀਦਗੀ ਨਾਲ ਜਾਂਚ ਕਰਵਾ ਕੇ ਫ਼ੈਸਲਾ ਲਿਆ ਜਾਵੇ ਤਾਂ ਜੋ ਪੰਜਾਬੀ ਭਾਸ਼ਾ ਨੂੰ ਪਹਿਲਾ ਦੀ ਤਰ੍ਹਾਂ ਮਿਲਦਾ ਸਤਿਕਾਰ ਬਰਕਰਾਰ ਰਹਿ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਅਤੇ ਸ. ਜਗਰੂਪ ਸਿੰਘ ਸੇਖਵਾਂ ਹਾਜ਼ਰ ਸਨ।

—PTC News

Related Post