ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਤਲਵੰਡੀ ਭੰਗਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਦੁੱਖ ਪ੍ਰਗਟ ਕੀਤਾ

By  Joshi August 9th 2017 07:33 PM -- Updated: August 9th 2017 07:36 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਤਲਵੰਡੀ ਭੰਗਵਾਂ ਵਿਖੇ ਬੀਤੀ ਰਾਤ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਤੁਰੰਤ ਇੱਕ ਪੜਤਾਲੀਆ ਕਮੇਟੀ ਮੌਕੇ ਪੁਰ ਭੇਜ ਦਿੱਤੀ ਗਈ ਸੀ ਜਿਸਦੀ ਰਿਪੋਰਟ ਅਨੁਸਾਰ ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਰਿਕਾਰਡ ਹੋਣ ਕਾਰਨ ਰਣਜੀਤ ਮਸੀਹ ਨਾਮੀ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਈਸਾਈ ਹੋਣ ਕਾਰਨ ਈਸਾਈ ਭਾਈਚਾਰੇ ਦੇ ਮੁਖੀ ਨੂੰ ਪੱਤਰ ਲਿਖਣ ਦੇ ਨਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਲਈ ਵੀ ਲਿਖਿਆ ਜਾਵੇਗਾ।

ਪ੍ਰੋ: ਬਡੂੰਗਰ ਨੇ ਕਿਹਾ ਕਿ ਇਸ ਹਿਰਦੇਵੇਦਕ ਘਟਨਾ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਬਾਰ-ਬਾਰ ਅਜਿਹੀਆਂ ਘਟਨਾਵਾਂ ਵਾਪਰਨਾ ਅਤਿ ਦੁੱਖਦਾਈ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਪ੍ਰਸ਼ਾਸਨ ਸਫਲ ਨਹੀਂ ਹੋ ਰਿਹਾ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੀ ਦੋਸ਼ੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ।

—PTC News

Related Post