ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ

By  Joshi November 28th 2017 02:37 PM

ਗਿਆਨੀ ਗੁਰਬਚਨ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬਾਬਾ ਕਸ਼ਮੀਰ ਸਿੰਘ ਨੇ ਕੀਤੀ ਕਾਰ ਸੇਵਾ ਦੀ ਰਸਮੀ ਸ਼ੁਰੂਆਤ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਦਰਸ਼ਨੀ ਡਿਓਢੀ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਆਰੰਭ ਕਰ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਇਸ ਦੀ ਰਸਮੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ। ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭਕਾਰ ਸੇਵਾ ਦੀ ਸ਼ੁਰੂਆਤ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਮਾਨਵਤਾ ਲਈ ਸ਼ਰਧਾ ਦੇ ਕੇਂਦਰ ਹਨ ਅਤੇ ਇਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਦਰਸ਼ਨੀ ਡਿਓਢੀ ਨੂੰ ਨਵਿਆਉਣ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਕਾਰ ਸੇਵਾ ਦਿੱਤੀ ਗਈ ਹੈ ਅਤੇ ਇਸ ਤਹਿਤ ਦਰਸ਼ਨੀ ਡਿਓਢੀ ਦਾ ਨਵਾਂ ਫਰਸ਼ ਲਗਾਉਣ, ਡਿਓਢੀ ਦੀ ਛੱਤ ਹੇਠਾਂ ਮੀਨਾਕਾਰੀ ਕਰਨ ਅਤੇ ਮੁੱਖ ਗੁੰਬਦ 'ਤੇ ਸੋਨਾ ਲਗਾਉਣ ਦਾ ਕਾਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੁੰਬਦਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਵੀਂ ਸੀਲਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਕਾਰ ਸੇਵਾ ਜਲਦ ਮੁਕੰਮਲ ਹੋ ਜਾਵੇਗੀ।

ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ ਸਦਕਾ ਉਨ੍ਹਾਂ ਨੂੰ ਇਹ ਸੇਵਾ ਮਿਲੀ ਹੈ, ਜਿਸ ਨੂੰ ਉਹ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਹੀ ਸੰਪੰਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੇਵਾ ਸਮੇਂ ਮਾਹਿਰਾਂ ਦੀ ਮਦਦ ਲਈ ਜਾਵੇਗੀ।

—PTC News

Related Post