ਮਾਂ ਨੇ 3 ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ ਚ ਮਾਰੀ ਛਾਲ, ਮਾਸੂਮਾਂ ਦੀ ਮੌਤ, ਔਰਤ ਨੂੰ ਬਚਾਇਆ

By  Jasmeet Singh November 25th 2022 09:01 AM

ਨੂਹ, 25 ਨਵੰਬਰ: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਿੰਡ ਖੇੜਾ ਵਿੱਚ ਇੱਕ ਮਾਂ ਨੇ ਆਪਣੇ ਤਿੰਨ ਬੱਚਿਆਂ ਸਮੇਤ ਘਰ ਵਿੱਚ ਬਣੀ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ। ਤਿੰਨੋਂ ਬੱਚਿਆਂ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਔਰਤ ਨੂੰ ਗੰਭੀਰ ਹਾਲਤ 'ਚ ਟੈਂਕੀ 'ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਬੱਚਿਆਂ 'ਚ 10 ਸਾਲ ਦੀ ਸ਼ਬਾਨਾ, 8 ਸਾਲ ਦਾ ਸਾਦ ਅਤੇ 4 ਮਹੀਨੇ ਦਾ ਇਕਰਾਰ ਸ਼ਾਮਲ ਹਨ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ

ਪਿੰਡ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਹੈ। ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਔਰਤ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਔਰਤ ਨੇ ਅਜਿਹਾ ਕਦਮ ਕਿਉਂ ਚੁੱਕਿਆ।

ਇੱਕ ਬੱਚਾ ਗਿਆ ਹੋਇਆ ਸੀ ਸਕੂਲ

ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਭਰਤ ਸਿੰਘ ਨੇ ਦੱਸਿਆ ਕਿ ਜਦੋਂ ਔਰਤ ਨੇ ਇਹ ਕਦਮ ਚੁੱਕਿਆ ਤਾਂ ਉਹ ਆਪਣੇ ਬੱਚਿਆਂ ਨਾਲ ਘਰ 'ਚ ਇਕੱਲੀ ਸੀ। ਉਸ ਦਾ 12 ਸਾਲਾ ਬੇਟਾ ਸ਼ੋਏਬ ਸਕੂਲ ਗਿਆ ਹੋਇਆ ਸੀ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਔਰਤ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ।

Related Post