ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ, ਹੁਣ ਇਹ ਮੋਰਚਾ ਵੀ ਹੋਵੇਗਾ ਸ਼ਾਮਲ
ਰਮਨਦੀਪ (ਜ਼ੀਰਾ, 20 ਦਸੰਬਰ): ਜ਼ੀਰਾ ਸ਼ਰਾਬ ਦੀ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਧਰਨੇ ਨੂੰ ਪੰਜਾਬ ਪੁਲਿਸ ਵੱਲੋਂ ਜਬਰ ਜ਼ੁਲਮ ਰਾਹੀਂ ਉਠਾਉਣ ਅਤੇ ਕਿਸਾਨਾਂ ਉਤੇ ਕੇਸ ਪਾ ਕੇ ਗ੍ਰਿਫਤਾਰ ਕਰਨ ਦੀ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਧਰਨੇ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ।
ਮੀਟਿੰਗ ਤੋਂ ਬਾਅਦ ਆਗੂਆਂ ਨੇ ਦੱਸਿਆ ਕਿ 20-25 ਨਾਮਜ਼ਦ ਆਗੂਆਂ ਸਮੇਤ 100 ਤੋਂ 140 ਅਣਪਛਾਤੇ ਵਿਅਕਤੀਆਂ ਉੱਤੇ ਕੇਸ ਦਰਜ ਕਰਕੇ 80 ਤੋਂ ਵੱਧ ਗ੍ਰਿਫਤਾਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਘਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਪੀੜਤ ਲੋਕ ਧਰਨੇ ਵਿੱਚ ਡਟੇ ਹੋਏ ਹਨ। ਜਿੰਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਸ਼ਾਮਲ ਜਥੇਬੰਦੀਆਂ ਦੇ ਕਿਸਾਨ ਵੀ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਜਬਰ ਜ਼ੁਲਮ ਦਾ ਸਿਲਸਿਲਾ ਤੁਰੰਤ ਬੰਦ ਕਰਕੇ ਲੋਕਾਂ ਨੂੰ ਜਹਿਰੀਲੇ ਪਾਣੀ ਤੋਂ ਨਿਜਾਤ ਦਿਵਾਈ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਅਤੇ ਉਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ 20 ਦਸੰਬਰ ਨੂੰ ਸਾਂਝਾ ਮੋਰਚਾ ਜ਼ੀਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਸ਼ਾਮਲ ਸਾਰੇ ਕਿਸਾਨ ਆਗੂ ਪਹੁੰਚਣਗੇ। ਭੋਗ ਉਪਰੰਤ ਸਾਂਝੇ ਮੋਰਚੇ ਦੀ ਕਮੇਟੀ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵੱਖ ਵੱਖ ਕਿਸਾਨ ਆਗੂ ਸ਼ਾਮਲ ਹੋਏ।
ਇਹ ਵੀ ਪੜ੍ਹੋ: ਧੁੰਦ ਦੀ ਚਿੱਟੀ ਚਾਦਰ ਤੇ ਸੀਤ ਲਹਿਰ ਨੇ ਜ਼ਿੰਦਗੀ ਦੀ ਰਫ਼ਤਾਰ ਕੀਤੀ ਹੌਲੀ