ਸ਼ਖਸੀਅਤਾਂ ਨੇ ਕੀਤਾ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ
ਸਾਲਾਨਾ ਸ਼ਹੀਦੀ ਜੋੜ ਮੇਲ ਦਾ ਤੀਜਾ ਤੇ ਆਖਰੀ ਦਿਨ ਹੈ। ਵੱਡੀ ਗਿਣਤੀ ’ਚ ਸੰਗਤ ਮੂਲ ਮੰਤਰ ਦਾ ਜਾਪ ਕਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰ ਰਹੀਆਂ ਹਨ।
Shaheedi Jor Mel: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 318ਵੇਂ ਸਾਲਾਨਾ ਸ਼ਹੀਦੀ ਜੋੜ ਮੇਲ ਦਾ ਤੀਜਾ ਤੇ ਆਖਰੀ ਦਿਨ ਹੈ। ਵੱਡੀ ਗਿਣਤੀ ’ਚ ਸੰਗਤ ਮੂਲ ਮੰਤਰ ਦਾ ਜਾਪ ਕਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰ ਰਹੀਆਂ ਹਨ।
ਉੱਥੇ ਹੀ ਦੂਜੇ ਪਾਸੇ ਸਿਆਸੀ ਆਗੂਆਂ ਵੱਲੋਂ ਵੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰ ਉਨ੍ਹਾਂ ਨੂੰ ਪ੍ਰਣਾਮ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜੰਦ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਨਾਲ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਾਨਿ-ਕੋਟਿ ਪ੍ਰਣਾਮ ਕਰਦੇ ਹਾਂ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਨਿਮਰ ਪ੍ਰਣਾਮ। ਸਬਰ ਅਤੇ ਜਜ਼ਬੇ ਦਾ ਇਤਿਹਾਸ ਰਚਣ ਵਾਲੀ ਇਹ ਵੀਰ ਗਾਥਾ ਸਾਨੂੰ ਇਨਸਾਫ਼ ਅਤੇ ਧਰਮ ਦੀ ਰਾਖੀ ਲਈ ਆਪਾ ਵਾਰਨ ਦਾ ਹੌਂਸਲਾ ਦਿੰਦੀ ਹੈ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦੇ ਹੋਏ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ, ਸਿਦਕ ਅਤੇ ਧਰਮ ਦੇ ਜਜ਼ਬੇ ਦਾ ਸਿਖ਼ਰ ਹਨ। ਨਿੱਕੀ ਉਮਰੇ ਵੱਡੇ ਸਾਕੇ ਦੀ ਗਾਥਾ ਰਚਣ ਵਾਲੇ ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੋਟਿ -ਕੋਟਿ ਪ੍ਰਣਾਮ।
ਇਹ ਵੀ ਪੜ੍ਹੋ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜੋੜਮੇਲ, ਵੱਡੀ ਗਿਣਤੀ 'ਚ ਸੰਗਤ ਨਤਮਸਤਕ