ਪੰਜਾਬ ਸਰਕਾਰ ਨੂੰ 24 ਘੰਟਿਆਂ ਵਿੱਚ ਸਕੂਲਾਂ ਵਿਰੁੱਧ ਮਿਲੀਆਂ 1600 ਤੋਂ ਵੱਧ ਸ਼ਿਕਾਇਤਾਂ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵੱਲੋਂ ‘ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ 2016 ਅਤੇ 2019’ ਦੀ ਉਲੰਘਣਾ ਕੀਤੀ ਗਈ ਹੈ। ਇਸ ਕਾਰਨ ਸਕੂਲਾਂ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਗਿਆ ਹੈ।

By  Jasmeet Singh April 4th 2023 04:30 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ 30 ਪ੍ਰਾਈਵੇਟ ਸਕੂਲਾਂ ਖਿਲਾਫ ਨੋਟਿਸ ਜਾਰੀ ਕੀਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਇਨ੍ਹਾਂ ਸਕੂਲਾਂ ਦੀਆਂ ਮਨਮਾਨੀਆਂ ਵਿਰੁੱਧ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਸੰਗਰੂਰ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਬਠਿੰਡਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਦੇ ਪ੍ਰਾਈਵੇਟ ਸਕੂਲ ਸ਼ਾਮਲ ਹਨ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵੱਲੋਂ ‘ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ 2016 ਅਤੇ 2019’ ਦੀ ਉਲੰਘਣਾ ਕੀਤੀ ਗਈ ਹੈ। ਇਸ ਕਾਰਨ ਸਕੂਲਾਂ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਗਿਆ ਹੈ।


ਸਿੱਖਿਆ ਮੰਤਰੀ ਬੈਂਸ ਵੱਲੋਂ ਜ਼ਿਲ੍ਹਾ ਪੱਧਰੀ ਗਠਿਤ ਟਾਸਕ ਫੋਰਸ ਦੇ ਮੁਲਾਜ਼ਮਾਂ ਨੇ ਸ਼ਿਕਾਇਤਾਂ ਦੀ ਪੜਤਾਲ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਟਾਸਕ ਫੋਰਸ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਭੇਜੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਨਾ ਕਰਨ ਦੀਆਂ ਸ਼ਿਕਾਇਤਾਂ ਮਿਲਣ 'ਤੇ ਸਾਰੇ 30 ਸਕੂਲ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਦਰਅਸਲ ਸਿੱਖਿਆ ਮੰਤਰੀ ਬੈਂਸ ਨੇ ਪਿਛਲੇ ਦਿਨੀਂ ਮਨਮਾਨੀਆਂ ਫੀਸਾਂ, ਕਿਤਾਬਾਂ ਅਤੇ ਫੰਡਾਂ ਨੂੰ ਲੈ ਕੇ ਪ੍ਰਾਈਵੇਟ ਸਕੂਲਾਂ ਨੂੰ ਚਿਤਾਵਨੀ ਦਿੱਤੀ ਸੀ। ਇੱਕ ਟਾਸਕ ਫੋਰਸ ਵੀ ਬਣਾਈ ਗਈ ਸੀ। ਇਸ ਸਬੰਧੀ ਮੰਤਰੀ ਵੱਲੋਂ ਇੱਕ ਈ-ਮੇਲ ਆਈਡੀ 'ਤੇ ਲੋਕਾਂ ਵੱਲੋਂ ਵੱਖ-ਵੱਖ ਸਕੂਲ ਪ੍ਰਬੰਧਕਾਂ ਦੀਆਂ ਮਨਮਾਨੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਇਸ ਤੋਂ ਬਾਅਦ ਮੰਤਰੀ ਬੈਂਸ ਨੇ ਸਕੂਲਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post