Gurdaspur news: ਮੁੜ ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ; ਅਮਰੀਕਾ ’ਚ 34 ਸਾਲਾਂ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ, ਜੋ ਉਸਦੇ ਨਾਲ ਅਮਰੀਕਾ ਵਿੱਚ ਹੀ ਰਹਿ ਰਹੀਆਂ ਸਨ।

By  Jasleen Kaur February 17th 2026 08:41 AM -- Updated: February 17th 2026 10:08 AM

Gurdaspur news: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਨਾਲ ਸਬੰਧਤ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਜੇਪੀ (ਉਮਰ ਕਰੀਬ 34 ਸਾਲ) ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕਰੀਬ ਅੱਠ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ। ਉੱਥੇ ਉਸਨੇ ਆਪਣਾ ਕਾਰੋਬਾਰ ਸਥਾਪਿਤ ਕੀਤਾ ਹੋਇਆ ਸੀ ਅਤੇ ਨਾਲ ਹੀ ਆਪਣੀ ਨਿੱਜੀ ਕਾਰ ਰਾਹੀਂ ਊਬਰ ਸੇਵਾ ਵੀ ਦਿੰਦਾ ਸੀ।

7 ਫਰਵਰੀ ਨੂੰ ਵਾਪਰੇ ਇਸ ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕੁਝ ਸਵਾਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਛੱਡਣ ਜਾ ਰਿਹਾ ਸੀ। ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਉਸਨੂੰ ਅਚਾਨਕ ਦੌਰਾ ਪੈ ਗਿਆ, ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਰੀੜ੍ਹ ਦੀ ਹੱਡੀ ਨੂੰ ਵੀ ਨੁਕਸਾਨ ਪਹੁੰਚਿਆ।

ਉਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਸਦੀ ਹਾਲਤ ਵਿੱਚ ਸੁਧਾਰ ਆ ਰਿਹਾ ਸੀ ਅਤੇ ਇੱਕ-ਦੋ ਦਿਨਾਂ ਵਿੱਚ ਉਸਦੇ ਘਰ ਪਰਤਣ ਦੀ ਉਮੀਦ ਸੀ। ਹਾਲਾਂਕਿ ਇਲਾਜ ਦੌਰਾਨ ਹੀ ਉਸਨੂੰ ਦੁਬਾਰਾ ਅਟੈਕ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ, ਜੋ ਉਸਦੇ ਨਾਲ ਅਮਰੀਕਾ ਵਿੱਚ ਹੀ ਰਹਿ ਰਹੀਆਂ ਸਨ। ਉਸਦੀ ਭੈਣ ਅਤੇ ਹੋਰ ਸਹੁਰਾ ਪਰਿਵਾਰ ਵੀ ਉੱਥੇ ਹੀ ਵਸਦੇ ਹਨ। ਪਿੰਡ ਵਿੱਚ ਰਹਿੰਦੇ ਉਸਦੇ ਮਾਤਾ-ਪਿਤਾ ਅਤੇ ਹੋਰ ਸਬੰਧੀ ਇਸ ਅਚਾਨਕ ਵਿਛੋੜੇ ਨਾਲ ਗਹਿਰੇ ਦੁੱਖ ਵਿੱਚ ਹਨ।

ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਰੋਜ਼ਗਾਰ ਦੇ ਵਧੀਆ ਮੌਕੇ ਪੈਦਾ ਕੀਤੇ ਜਾਣ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਨਾਲ ਹੀ, ਉਹਨਾਂ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਦੇ ਭਵਿੱਖ ਦੀ ਸੁਰੱਖਿਆ ਲਈ ਉਚਿਤ ਕਦਮ ਚੁੱਕਣ ਦੀ ਵੀ ਅਪੀਲ ਕੀਤੀ।

ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਨਾਲ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਗਮਗੀਨ ਮਾਹੌਲ ਹੈ ਅਤੇ ਲੋਕ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰ ਰਹੇ ਹਨ।

Related Post