ਕਿਸਾਨ ਅੰਦੋਲਨ ਤੋਂ ਪਰਤ ਰਹੀਆਂ ਮਾਨਸਾ ਜ਼ਿਲ੍ਹੇ ਦੀਆਂ 3 ਔਰਤਾਂ ਦੀ ਮੌਤ, 2 ਜ਼ਖ਼ਮੀ

By  Riya Bawa October 28th 2021 11:22 AM -- Updated: October 28th 2021 01:33 PM

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਤੇ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ (ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਹਾਦਸੇ ਵਿਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ।

ਦੱਸ ਦੇਈਏ ਕਿ ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆ ਹੋਈਆਂ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਿ੍ਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ ( 61) ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪਤਾ ਲੱਗਿਆ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋਕੇ ਇਹਨਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ 'ਤੇ ਦੌੜ ਗਿਆ ਅਤੇ ਪੁਲੀਸ ਨੇ ਆਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

-PTC News

Related Post