ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਦੀ ਕੀਤੀ ਅਪੀਲ

By  Shanker Badra April 3rd 2021 05:18 PM

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸੰਤ ਮਹਾਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਬੁਲਾਈ ਗਈ। ਇਕੱਤਰਤਾ ਵਿਚ ਸਿੰਘ ਸਾਹਿਬਾਨ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁੱਖੀ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ, ਅਧਿਕਾਰੀ ਹਾਜ਼ਰ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਪੰਥ ਵੱਲੋਂ 1 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਵਕਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ ਸੀ, ਉਸ ਵਕਤ ਦੇਸ਼ ਵਿਚ ਫਿਰਕਾਪ੍ਰਸਤੀ ਫੈਲੀ ਹੋਈ ਸੀ। ਉਸ ਵਕਤ ਦੇ ਹਾਕਮ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਵੀ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਰਪ੍ਰਸਤੀ ਹੇਠ ਘਟਗਿਣਤੀਆਂ ਨੂੰ ਦਬਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰਤਾ ’ਚ ਹਾਜ਼ਰ ਹੋਣ ’ਤੇ ਜੀ-ਆਇਆਂ ਆਖਿਆ। ਉਨ੍ਹਾਂ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪੋ ਆਪਣੇ ਇਲਾਕੇ ਵਿਚ ਗੁਰਮਤਿ ਸਮਾਗਮਾਂ ਰਾਹੀਂ ਪ੍ਰਚਾਰ ਕਰਨ ਲਈ ਪ੍ਰੇਰਣਾ ਕੀਤੀ।

-PTCNews

Related Post