ਕਾਂਗਰਸ ਨੂੰ ਵੱਡਾ ਝਟਕਾ, ਵੱਡੀ ਗਿਣਤੀ 'ਚ ਕਈ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By  Riya Bawa September 6th 2021 03:25 PM -- Updated: September 6th 2021 03:31 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਦੀ ਆੜ ਵਿਚ ਸ਼ਰਾਰਤੀ ਅਨਸਰ ਸੂਬੇ ਦਾ ਮਾਹੌਲ ਵਿਗਾੜ ਰਹੇ ਹਨ। ਕਿਸਾਨੀ ਅੰਦੋਲਨ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਸੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਮਜੀਠੀਆ ਨੇ ਕਿਹਾ ਕਿ 'ਜੈ ਜਵਾਨ ਜੈ ਕਿਸਾਨ' ਦੇ ਬੈਨਰ ਹੇਠ ਸਾਰੇ ਦਲ ਆਉਣ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਕਰ ਕੇ ਆਪਣੇ ਪ੍ਰੋਗਰਾਮ ਟਾਲ ਦਿੱਤੇ ਹਨ।

ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਅੱਜ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਤਰਸਿੱਕਾ ਬਲਾਕ ਸੰਮਤੀ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਬੀਬੀ ਪਰਮਜੀਤ ਕੌਰ ਨੇ ਆਪਣੇ ਹੋਰ ਸਾਥੀਆਂ ਦੇ ਨਾਲ ਅੱਜ ਕਾਂਗਰਸ ਅਤੇ ਆਪ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਉਨ੍ਹਾਂ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਵਰੁਣ ਗਾਂਧੀ ਦੇ ਬਿਆਨ ਦਾ ਸਵਾਗਤ ਕੀਤਾ ਹੈ।

ਮੁਜੱਫਰਨਗਰ 'ਚ ਹੋਈ ਕਿਸਾਨ ਮਹਾਂ ਪੰਚਾਇਤ 'ਤੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਮੁਜ਼ੱਫਰਨਗਰ ਵਿਚ ਜੋ ਠਾਠਾਂ ਮਾਰਦਾ ਕਿਸਾਨਾਂ ਦਾ ਇਕੱਠ ਹੋਇਆ ਸੀ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਾਲੀਟਿਕਸ ਤੋਂ ਉੱਪਰ ਉੱਠ ਕੇ ਅਤੇ ਕਿਸਾਨ ਝੰਡਿਆਂ ਹੇਠਾਂ ਇਕ-ਦੂਜੇ ਦਾ ਵਿਰੋਧ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋਣ ਅਤੇ ਦੇਸ਼ ਦੇ ਅੰਨਦਾਤਾ ਦੀ ਲੜਾਈ ਲੜਨ।

ਅਕਾਲੀ ਦਲ ਵੱਲੋਂ ਪ੍ਰੋਗਰਾਮਾਂ ਨੂੰ ਰੋਕੇ ਜਾਣ ਦੇ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਪ੍ਰੋਗਰਾਮ ਇਸ ਲਈ ਰੋਕੇ ਹਨ ਕਿਉਂਕਿ ਇਸ 'ਚ ਜਿਹੜੇ ਮਾੜੇ ਅਨਸਰ ਦਾਖ਼ਲ ਹੋਏ ਹਨ, ਉਨ੍ਹਾਂ ਨੂੰ ਮੈਂ ਕਿਸਾਨ ਨਹੀਂ ਕਹਿ ਸਕਦਾ। ਉਨ੍ਹਾਂ ਨੇ ਕਿਹਾ ਕਿ ਪਿਛਲੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠ ਕੇ ਲੜਾਈ ਲੜ ਰਹੇ ਹਨ। ਸਾਨੂੰ ਪੰਜਾਬ ਅਤੇ ਕਿਸਾਨੀ ਦੇ ਭਲੇ ਦੀ ਗੱਲ ਕਰਨੀ ਚਾਹੀਦੀ ਹੈ।

-PTC News

Related Post