ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਪ੍ਰਦਰਸ਼ਨ

By  Pardeep Singh October 2nd 2022 01:27 PM

ਬਠਿੰਡਾ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਉੱਤੇ ਪੰਜਾਬ ਭਰ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ  ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਦਾ ਕਹਿਣਾ ਹੈ ਕਿ ਆਈਸੀਡੀਐਸ ਸਕੀਮ ਨੂੰ 2 ਅਕਤੂਬਰ 1975 ਨੂੰ ਚਾਲੂ ਕੀਤਾ ਗਿਆ ਸੀ। ਇਸ ਸਕੀਮ ਵਿਚ  28 ਲੱਖ ਵਰਕਰਾਂ ਅਤੇ ਹੈਲਪਰਾਂ ਕੰਮ ਕਰ ਰਹੀਆਂ ਹਨ। ਜਿਨ੍ਹਾਂ ਨੂੰ ਕੰਮ ਕਰਦਿਆਂ 47 ਸਾਲ ਬੀਤ ਚੁੱਕੇ ਹਨ।  ਕੇਂਦਰ ਸਰਕਾਰ ਵੱਲੋਂ ਕੇਵਲ 4500 ਰੁਪਏ ਵਰਕਰ ਨੂੰ ਅਤੇ 2250 ਰੁਪਏ ਹੈਲਪਰ ਨੂੰ ਦਿੱਤੇ ਜਾ ਰਹੇ ਹਨ। ਇਸ ਵਿਚ ਵੀ ਕੇਂਦਰ ਸਰਕਾਰ ਕੇਵਲ 60 ਫੀਸਦੀ ਹਿੱਸਾ ਹੀ ਪਾ ਰਹੀ ਹੈ ਜਦੋਂ ਕਿ ਬਾਕੀ 40 ਫੀਸਦੀ ਹਿੱਸਾ ਸੂਬਾ ਸਰਕਾਰਾਂ ਦਿੰਦੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਆਈ ਸੀ ਡੀ ਐਸ ਸਕੀਮ ਨੂੰ ਵਿਭਾਗ ਦਾ ਦਰਜਾ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਘੋਸ਼ਿਤ ਕੀਤਾ ਜਾਵੇ। ਹੈਲਪਰ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ।  ਵਰਕਰਾਂ ਨੂੰ 24 ਹਜ਼ਾਰ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇ। ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ ਉਨ੍ਹਾਂ ਨੂੰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ।

ਇਹ ਵੀ ਪੜ੍ਹੋ: ਵੱਡੀ ਖ਼ਬਰ! ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ ਫਰਾਰ

-PTC News

Related Post