ਰੋਡ ਸ਼ੋਅ 'ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਘਿਰੀ 'ਆਪ'

By  Riya Bawa March 13th 2022 08:25 PM -- Updated: March 13th 2022 08:30 PM

ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ AAP ਨੂੰ ਵੱਡੀ ਜਿੱਤ ਮਿਲੀ ਹੈ। ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿਚ ਘਿਰ ਗਏ ਹਨ। ਪੰਜਾਬ 'ਚ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਬੰਪਰ ਜਿੱਤ ਤੋਂ ਬਾਅਦ ਐਤਵਾਰ ਨੂੰ ਅੰਮ੍ਰਿਤਸਰ 'ਚ ਪਾਰਟੀ ਦਾ ਜਿੱਤ ਦਾ ਜਲੂਸ ਕਈ ਮਾਇਨਿਆਂ 'ਚ ਖਾਸ ਰਿਹਾ। ਇਸ ਦੇ ਨਾਲ ਹੀ ਇਸ ਨੂੰ ਸਫਲ ਬਣਾਉਣ ਵਿੱਚ ਸਰਕਾਰੀ ਅਮਲੇ ਦੀ ਦੁਰਵਰਤੋਂ ਦੇ ਵੀ ਦੋਸ਼ ਲੱਗੇ ਹਨ।

ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਜਿੱਤ ਦੇ ਜਲੂਸ ਦਾ ਸਾਰਾ ਖਰਚਾ ਸੂਬਾ ਸਰਕਾਰ ਨੇ ਚੁੱਕਿਆ ਹੈ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹਨ। ਇਸ ਦੌਰਾਨ ਲੋਕਾਂ ਨੂੰ ਰੋਡ ਸ਼ੋਅ ਵਿੱਚ ਲਿਜਾਣ ਲਈ ਰੋਡਵੇਜ਼ ਦੀਆਂ ਬੱਸਾਂ ਦੀ ਵਰਤੋਂ ਕੀਤੀ ਗਈ।  ਪਾਰਟੀ ’ਤੇ ਵਰਕਰਾਂ ਨੂੰ ਰੋੜ ਸ਼ੋਅ ਵਿੱਚ ਲਿਜਾਉਣ ਲਈ ਸਰਕਾਰੀ ਬੱਸਾਂ ਦੀ ਦੁਰਵਰਤੋਂ ਦਾ ਵੱਡਾ ਦੋਸ਼ ਲੱਗਿਆ ਹੈ। ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਸ਼ੋਅ ਵਿੱਚ ਪਾਰਟੀ ਵਰਕਰਾਂ ਨੂੰ ਸਰਕਾਰੀ ਬੱਸਾਂ ਵਿੱਚ ਲਿਜਾਇਆ ਗਿਆ। ਉਨ੍ਹਾਂ ਪੁੱਛਿਆ ਹੈ ਕਿ ਕੀ ਇਹੋ ਆਮ ਆਦਮੀ ਪਾਰਟੀ ਦਾ ਪੰਜਾਬ ਮਾਡਲ ਹੈ ।

Bhagwant Mann to resign as Lok Sabha MP

ਇਹ ਵੀ ਪੜ੍ਹੋ : ਲੋਕਾਂ ਨੂੰ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ : ਭਗਵੰਤ ਮਾਨ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ 'ਆਪ' ਪਾਰਟੀ ਨੂੰ ਕੰਮ ਕਰਨ ਦੇ ਮੌਕੇ ਵੀ ਦੇਣਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਕਿਹਾ ਕਿ ਕੁੱਝ ਗੱਲਾਂ ਜੱਗ ਜ਼ਾਹਿਰ ਹੋ ਜਾਣਗੀਆਂ, ਜਿਨ੍ਹਾਂ 'ਤੇ ਚੁੱਪ ਰਹਿਣਾ ਮੁਸ਼ਕਿਲ ਹੋ ਜਾਂਦਾ।

 ਪ੍ਰੋ. ਚੰਦੂਮਾਜਰਾ

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਆਪ ਪਾਰਟੀ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢ ਕੇ ਜਾਹੋ-ਜਲਾਲ ਨਾਲ ਲੋ ਲਸ਼ਕਰ ਲੈ ਕੇ ਆਪ ਪਾਰਟੀ ਦੀ ਲੀਡਰਸ਼ਿਪ ਨਤਮਸਤਕ ਹੋਈ ਹੈ, ਇਹ ਸਾਡੀ ਪਰੰਪਰਾ ਨਹੀਂ ਹੈ ਨਾ ਹੀ ਇਹ ਸਾਡੀ ਮਰਯਾਦਾ ਹੈ।

ਕਾਂਗਰਸ ਦੇ ਨਵੇਂ ਚੁਣੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਜਿੱਤ ਦੇ ਜਲੂਸ 'ਤੇ ਉਂਗਲ ਉਠਾਈ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਪੱਤਰ ਵੀ ਸਾਂਝਾ ਕੀਤਾ ਹੈ। ਮੁੱਖ ਸਕੱਤਰ ਦੇ ਹਵਾਲੇ ਨਾਲ ਇਸ ਪੱਤਰ ਵਿੱਚ ਵਿਸ਼ੇਸ਼ ਸਕੱਤਰ ਮਾਲ ਸਮੇਤ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਪ੍ਰਬੰਧਾਂ ਲਈ ਪੈਸਾ ਖਰਚ ਕਰਨ ਦੇ ਹੁਕਮ ਦਿੱਤੇ ਗਏ ਹਨ।

ਰੋਡ ਸ਼ੋਅ 'ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਘਿਰੀ 'ਆਪ'

ਇਹ ਵੀ ਦੋਸ਼ ਲਾਇਆ ਗਿਆ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕ ਰੋਡ ਸ਼ੋਅ ਵਿੱਚ ਜਾਣ ਲਈ ਰੋਡਵੇਜ਼ ਦੀਆਂ ਬੱਸਾਂ ਦੀ ਵਰਤੋਂ ਕਰਦੇ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਨੂੰ ਅੰਮ੍ਰਿਤਸਰ ਲਿਜਾਣ ਵਾਲੀਆਂ ਪੀਆਰਟੀਸੀ ਦੀਆਂ ਬੱਸਾਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਗਰਾਊਂਡ ਵਿੱਚ ਖੜ੍ਹੀਆਂ ਸਨ। ਰੋਡ ਸ਼ੋਅ ਤੋਂ ਬਾਅਦ ਬੱਸਾਂ ਆਪੋ-ਆਪਣੇ ਸ਼ਹਿਰ ਦੇ ਲੋਕਾਂ ਨੂੰ ਲੈ ਕੇ ਵਾਪਸ ਪਰਤ ਗਈਆਂ।

-PTC News

Related Post