ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

By  Riya Bawa April 4th 2022 04:48 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਮਰੀਕਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ ਹੈ ਅਤੇ ਹਰ ਭਾਈਚਾਰੇ ਦੇ ਲੋਕਾਂ ਪ੍ਰਤੀ ਸਿੱਖਾਂ ਦੇ ਮਨ ਵਿਚ ਵੱਡਾ ਸਤਿਕਾਰ ਹੈ। ਮੁਸ਼ਕਲਾਂ ਸਮੇਂ ਵੀ ਸਿੱਖ ਗੁਰੂ ਘਰਾਂ ਤੋਂ ਲੋਕ ਭਲਾਈ ਦੀਆਂ ਸੇਵਾਵਾਂ ਨਿਭਾਉਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਸਰਬੱਤ ਦਾ ਭਲਾ ਚਾਹੁਣ ਵਾਲੇ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ। Harjinder Singh Dhami likely to be 46th SGPC president ਉਨ੍ਹਾਂ ਕਿਹਾ ਕਿ ਵਿਦੇਸਾਂ ’ਚ ਸਿੱਖਾਂ ’ਤੇ ਨਸਲੀ ਹਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਇਥੋਂ ਤੱਕ ਕਿ ਜਨਰਲ ਇਜਲਾਸਾਂ ਵਿਚ ਵੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਇਨ੍ਹਾਂ ਮਾਮਲਿਆਂ ਨੂੰ ਉਠਾਏ ਅਤੇ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ। -PTC News

Related Post