ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਹਮਲੇ ਕਾਰਨ ਅੱਜ ਬੰਦ ਰਹਿਣਗੇ ਐਸ.ਜੀ.ਪੀ.ਸੀ. ਦੇ ਸਾਰੇ ਅਦਾਰੇ

By  Shanker Badra July 2nd 2018 02:57 PM

ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਹਮਲੇ ਕਾਰਨ ਅੱਜ ਬੰਦ ਰਹਿਣਗੇ ਐਸ.ਜੀ.ਪੀ.ਸੀ. ਦੇ ਸਾਰੇ ਅਦਾਰੇ:ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜਮਾਂ ਵੱਲੋਂ ਅਫਗਾਨਿਸਤਾਨ ਅੰਦਰ ਅੱਤਵਾਦੀ ਹਮਲੇ ’ਚ ਜਾਨੋ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰ ਹੋ ਕੇ ਸਮੂਹ ਮੁਲਾਜਮਾਂ ਨੇ ਮੂਲ ਮੰਤਰ ਤੇ ਗੁਰ ਮੰਤਰ ਦੇ ਪਾਠ ਕੀਤੇ ਅਤੇ ਵਿਛੜੀਆਂ ਰੂਹਾਂ ਨਮਿੱਤ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।

ਇਸ ਸ਼ੋਕ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਆਪਣੇ ਸੰਬੋਧਨ ਦੌਰਾਨ ਇਸ ਘਟਨਾ ਦੀ ਨਿੰਦਾ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਾਰਾ ਸਟਾਫ ਹਾਜ਼ਰ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੱਸਿਆ ਕਿ ਇਸ ਘਟਨਾ ਦੇ ਰੋਸ ਵਜੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਫਤਰ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਭਲਕੇ ਹੋਣ ਵਾਲੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਮਾਰੇ ਗਏ ਸਿੱਖਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕੀਤੇ ਜਾਣਗੇ।

-PTCNews

Related Post