ਅਫ਼ਸ਼ਾਹੀ ਸੂਬੇ 'ਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇ: ਭਗਵੰਤ ਮਾਨ

By  Pardeep Singh October 23rd 2022 08:12 PM

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਅਧਿਕਾਰੀਆਂ ਦੀ ਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਉੱਚ ਵਿਕਾਸ ਦੀ ਲੀਹ 'ਤੇ ਪਾਇਆ ਜਾਵੇ ਤਾਂ ਜੋ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਅਧਿਕਾਰੀ ਆਪਣੀ ਪੂਰੀ ਵਾਹ ਲਾਵੇਗਾ। ਭਗਵੰਤ ਮਾਨ ਨੇ ਦੀਵਾਲੀ ਦੇ ਮੌਕੇ 'ਤੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕ ਰੋਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਜੇ ਕੋਈ ਅਜਿਹਾ ਹਾਦਸਾ ਵਾਪਰਦਾ ਹੈ ਤਾਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਉਪਰਾਲੇ ਕੀਤੇ ਜਾਣ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਸੂਬੇ ਭਰ ਦੇ ਹਸਪਤਾਲਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ:IND vs PAK: ਕੋਹਲੀ ਦੀ ਧਮਾਕੇਦਾਰ ਪਾਰੀ, ਭਾਰਤ ਨੇ ਪਾਕਿਸਤਾਨ ਨੂੰ ਚਾਰ ਵਿਕਟਾਂ ਨਾਲ ਹਰਾਇਆ

-PTC News

Related Post