ਸਿਹਤਯਾਬੀ ਮਗਰੋਂ ਪਰਤੇ ਮੂਸੇਵਾਲਾ ਦੇ ਪਿਤਾ ਨੇ ਪੁੱਤ ਲਈ ਮੁੜ ਤੋਂ ਵਿੱਢੀ ਇਨਸਾਫ਼ ਦੀ ਜੰਗ

By  Jasmeet Singh October 9th 2022 02:37 PM -- Updated: October 9th 2022 02:38 PM

ਨਵਦੀਪ, (ਮਾਨਸਾ, 9 ਅਕਤੂਬਰ): ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਜੰਗ ਨੂੰ ਮੁੜ ਤੋਂ ਵਿੱਢਦਿਆਂ ਲੋਕਾਂ ਨੂੰ ਸੰਬੋਧਨ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕੁੱਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰਹਾਜ਼ਰ ਸਨ ਅਤੇ ਹੁਣ ਮੁੜ ਤੋਂ ਸੰਘਰਸ਼ ਸ਼ੁਰੂ ਕਰਕੇ ਪ੍ਰਮਾਤਮਾ ਦੀ ਕਿਰਪਾ ਨਾਲ ਇਸ ਸੰਘਰਸ਼ ਨੂੰ ਅੱਗੇ ਲੈ ਕੇ ਜਾਣਗੇ।

ਉਨ੍ਹਾਂ ਕਿਹਾ ਕਿ 1-2 ਕਲਾਕਾਰਾਂ ਨੂੰ ਛੱਡ ਕੇ ਪੂਰੀ ਪੰਜਾਬੀ ਇੰਡਸਟਰੀ ਚੁੱਪ ਹੈ ਅਤੇ ਸਿੱਧੂ ਦੇ ਹੱਕ 'ਚ ਆਵਾਜ਼ ਚੁੱਕਣ ਵਾਲੇ ਦੋਵੇਂ ਕਲਾਕਾਰ ਕੁੜੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਡੇ ਘਰ ਦਾ ਇਹ ਮਾਹੌਲ ਸਰਕਾਰ ਦੀ ਨਾਕਾਮੀ ਕਾਰਨ ਬਣਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਹੀ ਨਹੀਂ ਸਗੋਂ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਨਿਆਂਪਾਲਿਕਾ ਪ੍ਰਤੀ ਵੀ ਗੁੱਸਾ ਹੈ ਕਿਉਂਕਿ ਉਹ ਵੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ ਪਰ ਮੇਰੇ ਪੁੱਤਰ ਦੇ ਮਨੁੱਖੀ ਅਧਿਕਾਰਾਂ ਨੂੰ ਮਿੱਟੀ ਵਿੱਚ ਰੋਲ ਦਿੱਤਾ ਗਿਆ, ਉਨ੍ਹਾਂ ਕਿਹਾ ਕਿ ਇਹ ਮੈਂ ਇਸ ਲਈ ਆਖ ਰਿਹਾਂ ਕਿਉਂਕਿ ਮੈਨੂੰ ਅੱਜ ਤੱਕ ਮੇਰੇ ਪੁੱਤਰ ਦੀ ਦਸਤਾਰ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਮੈਂ ਪ੍ਰਿਤਪਾਲ ਸਿੰਘ ਨੂੰ ਰੱਬ ਮੰਨਦਾ ਸੀ ਕਿ ਇਸ ਨੇ ਮੇਰੇ ਲੜਕੇ ਦੇ ਕਤਲ ਨੂੰ ਟਰੇਸ ਕਰ ਲਿਆ ਹੈ ਪਰ ਮੈਨੂੰ ਨਹੀਂ ਸੀ ਪਤਾ ਕਿ ਸਾਡੇ ਅਧਿਕਾਰੀ ਗੈਂਗਸਟਰਾਂ ਦੇ ਮੋਢਿਆਂ 'ਤੇ ਹੱਥ ਰੱਖ ਕੇ ਫ਼ੋਟੋ ਖਿਚਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਹੱਕ ਵਿੱਚ ਬੋਲਣ ਵਾਲਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਸਾਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਲਈ ਸਾਨੂੰ ਸਿਰ ਝੁਕਾ ਕੇ ਚੱਲਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਨੇ ਲਿਖਿਆ 'Letter To CM', ਪੜ੍ਹ ਛੁੱਟ ਜਾਣਗੇ CM ਮਾਨ ਦੇ ਪਸੀਨੇ

ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ ਕਿਉਂਕਿ ਸਾਡੇ ਵਿੱਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਤੋਂ 20 ਦਿਨ ਦਾ ਸਮਾਂ ਮੰਗਿਆ ਸੀ ਪਰ 5 ਮਹੀਨੇ ਹੋ ਗਏ ਹਨ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਨੂੰ ਪੁਲਿਸ ਨੂੰ ਸ਼ਕਤੀ ਦੇਣੀ ਚਾਹੀਦੀ ਹੈ।

-PTC News

Related Post