ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕਰਨ ਦੀ ਕੀਤੀ ਮੰਗ : ਸ਼੍ਰੋਮਣੀ ਅਕਾਲੀ ਦਲ

By  Jagroop Kaur February 9th 2021 02:48 PM -- Updated: February 9th 2021 03:49 PM

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਨੁੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਹਦਾਇਤ ਕਰਨ ਕਿ ਉਹਨਾਂ ਸਾਰੀਆਂ ਥਾਵਾਂ ’ਤੇ ਚੋਣਾਂ ਰੱਦ ਕੀਤੀਆਂ ਜਾਣ ਜਿਥੇ ਵਿਰੋਧੀ ਧਿਰ ਦੇ ਨਾਮਜ਼ਦਗੀ ਪੱਤਰ ਸਮੂਹਿਕ ਤੌਰ ’ਤੇ ਰੱਦ ਕੀਤੇ ਗਏ ਹਨ ਤੇ ਪਾਰਟੀ ਨੇ ਉਹਨਾਂ ਤੋਂ ਦਖਲ ਮੰਗਿਆ ਤੇ ਕਿਹਾ ਕਿ ਮਿਉਂਸਪਲ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕਰਨੀ ਯਕੀਨੀ ਬਣਾਈ ਜਾਵੇ।ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫਦ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਸ੍ਰੀ ਸੁਰਜੀਤ ਸਿੰਘ ਰੱਖੜਾ ਸ਼ਾਮਲ ਸਨ। ਵਫਦ ਨੇ ਉਹਨਾਂ ਨੂੰ ਸੁਬੇ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਤੋਂ ਜਾਣੂ ਕਰਵਾਇਆ ਤੇ ਕਾਨੂੰਨ ਦਾ ਰਾਜ ਮੁੜ ਬਹਾਲ ਕਰਨ ਲਈ ਉਹਨਾਂ ਦਾ ਦਖਲ ਮੰਗਿਆ।

ਪੜ੍ਹੋ ਹੋਰ ਖ਼ਬਰਾਂ :ਅੰਦੋਲਨ ਨੂੰ ਨਵੀਂ ਲੀਹ ਦੇਵੇਗੀ ਪੰਜਾਬ ‘ਚ ਹੋਣ ਵਾਲੀ ਮਹਾਪੰਚਾਇਤ

ਇਸ ਮੰਗ ਪੱਤਰ 'ਚ ਰਾਜਪਾਲ ਨੂੰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੌਰਾਨ ਵਾਪਰ ਰਹੀਆਂ ਘਟਨਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ 'ਚ ਹੋ ਰਹੀਆਂ ਚੋਣਾਂ ਦਰਮਿਆਨ ਧਾਂਦਲੀ ਹੋ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ – MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ 

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਡੀ ਗਿਣਤੀ 'ਚ ਨਾਮਜ਼ਦਗੀ ਪੱਤਰ ਰੱਦ ਹੋਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਜਲਾਲਾਬਾਦ 'ਚ ਹੋਏ ਹਮਲੇ ਸਬੰਧੀ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ 'ਚ ਭਰੋਸਾ ਦੁਆਇਆ ਸੀ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਕੀਤੀ ਹੈ ਕਿ ਪਾਰਟੀ ਨੂੰ ਰਾਜ ਦੀ ਸਰਕਾਰੀ ਮਸ਼ੀਨਰੀ 'ਤੇ ਕੋਈ ਭਰੋਸਾ ਨਹੀਂ ਹੈ ਅਤੇ ਪੁਲਸ ਵੱਲੋਂ ਵੀ ਭੈਅ ਪੈਦਾ ਕੀਤਾ ਜਾ ਰਿਹਾ ਹੈ, ਇਸ ਲਈ ਸੂਬੇ 'ਚ ਪੈਰਾ ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਚ ਵੀਡੀਓਗ੍ਰਾਫੀ ਦੀ ਵਿਵਸਥਾ ਕੀਤੀ ਜਾਵੇ।

ਚੰਦੂਮਾਜਰਾ ਨੇ ਕਿਹਾ ਕਿ ਅੱਜ ਤੱਕ ਜਿੰਨੀ ਵਾਰ ਵੀ ਨਗਰ ਕੌਂਸਲ ਚੋਣਾਂ ਹੋਈਆਂ ਹਨ, ਉਨ੍ਹਾਂ ਦੀ ਵੋਟਿੰਗ ਉਸੇ ਦਿਨ ਹੁੰਦੀ ਹੈ ਪਰ ਇਸ ਵਾਰ ਵੋਟਾਂ ਦੀ ਗਿਣਤੀ 'ਚ 2 ਦਿਨਾਂ ਦਾ ਫਰਕ ਪਾਉਣ ਪਿੱਛੇ ਸਰਕਾਰ ਦੀ ਬਦਨੀਤੀ ਦਿਖਾਈ ਦੇ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਇਸ ਲਈ ਚੋਣਾਂ ਖ਼ਤਮ ਹੋਣ ਦੇ ਤੁਰੰਤ ਬਾਅਦ ਹੀ ਵੋਟਿੰਗ ਕਰਵਾਈ ਜਾਵੇ।ਉਥੇ ਹੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਦੇ ਵਫਦ ਨੇ ਉਹ ਵੀਡੀਓ ਵੀ ਵਿਖਾਈ ਜਿਸ ਵਿਚ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੁੰ ਧਮਕੀਆਂ ਦੇ ਰਹੇ ਹਨ। ਵਫਦ ਨੇ ਰਾਜਪਾਲ ਨੂੰ ਕਿਹਾ ਕਿ ਉਹ ਰਾਜ ਸਰਕਾਰ ਨੁੰ ਹਦਾਇਤ ਦੇਣ ਕਿ ਰਾਜਾ ਵੜਿੰਗ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕਾਨੂੰਨ ਆਪਣੇ ਹੱਥ ਵਿਚ ਨਾ ਲਵੇ।

Related Post