ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Punjab News: ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

By  Amritpal Singh October 22nd 2023 05:59 PM

Punjab News: ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ ‘ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ ‘ਹਵਾਲਾ’ ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ।

ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।

ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

Related Post