ਅੰਮ੍ਰਿਤਸਰ: 9ਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

By  Riya Bawa April 20th 2022 04:03 PM -- Updated: April 20th 2022 04:05 PM

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ ਅਤੇ ਇਸ ਵਾਰ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸ਼੍ਰੋਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਮਨਾ ਰਹੀ ਹੈ।

#amritsar #PunjabiNews #LatestNews #PunjabNews #NagarKirtan

ਇਸ ਸਬੰਧ ਵਿਚ ਭਲਕੇ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ, ਜਿਸ ਵਿਚ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਸੰਗਤ ਨੂੰ ਇਸ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਤੋਂ ਪ੍ਰੇਰਣਾ ਲੈ ਕੇ ਕੋਈ ਅਜਿਹਾ ਕਾਨੂੰਨ ਬਣਾਉਣ, ਜੋ ਕਿਸੇ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਨ ਵਾਲੇ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕੇ।

#amritsar #PunjabiNews #LatestNews #PunjabNews #NagarKirtan

ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ  ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ,  ਬਲਵਿੰਦਰ ਸਿੰਘ ਕਾਹਲਵਾਂ,  ਤੇਜਿੰਦਰ ਸਿੰਘ ਪੱਡਾ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਵਧੀਕ ਮੈਨੇਜਰ  ਜਗਤਾਰ ਸਿੰਘ,  ਸਤਨਾਮ ਸਿੰਘ ਰਿਆੜ, ਇਕਬਾਲ ਸਿੰਘ ਮੁਖੀ, ਆਨਰੇਰੀ ਸਕੱਤਰ ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਚਿੱਟਾ ਨੇ ਵੀ ਹਾਜ਼ਰੀ ਭਰੀ।

ਇਹ ਵੀ ਪੜ੍ਹੋ : ਇੱਕ ਕਿਲੋਵਾਟ ਲੋਡ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁ਼ਫ਼ਤ ਬਿਜਲੀ : ਹਰਭਜਨ ਸਿੰਘ

ਸ਼ਸਤਰਾਂ ਵਾਲੀ ਬੱਸ ਸੰਗਤਾਂ ਲਈ ਬਣੀ ਖਿੱਚ ਦਾ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਗੁਰੂ ਸਾਹਿਬ ਦੇ ਸ਼ਸਤਰਾਂ ਬਸਤਰਾਂ ਵਾਲੀ ਵਿਸ਼ੇਸ਼ ਬੱਸ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਬੱਸ ਵਿਚ ਨੌਵੇਂ ਅਤੇ ਦਸਵੇਂ ਪਾਤਸ਼ਾਹ ਜੀ ਨਾਲ ਸਬੰਧਤ ਸ਼ਸਤਰ ਅਤ ਹੋਰ ਨਿਸ਼ਾਨੀਆਂ ਸੁਸ਼ੋਭਿਤ ਹਨ, ਜਿਨ੍ਹਾਂ ਦੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਸ਼ਨ ਕੀਤੇ। ਦੱਸਣਯੋਗ ਹੈ ਕਿ ਇਹ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਇਥੇ ਲਿਆਂਦੀ ਗਈ ਹੈ।

-PTC News

Related Post