550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਪੰਜ ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ

By  Jashan A October 22nd 2019 07:32 PM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਪੰਜ ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ,ਅੰਮ੍ਰਿਤਸਰ:ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਜਾਪ ਨਾਲ ਜੋੜਨ ਦਾ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਮਤਿ ਸਮਾਗਮਾਂ ਦੌਰਾਨ ਜਪੁਜੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ।

ਮਾਝਾ ਖੇਤਰ ਵਿਚ ਪੈਂਦੇ ਸਕੂਲਾਂ ਦਾ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ, ਜਿਸ ਵਿਚ ਪੰਜ ਹਜ਼ਾਰ ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਜ਼ਰ ਬੱਚਿਆਂ ਨੂੰ ਸੰਬੋਧਨ ਕਰਦਿਆਂ ਪ੍ਰੇਰਣਾ ਕੀਤੀ ਕਿ ਸਚਿਆਰ ਬਣਨ ਲਈ ਗੁਰਬਾਣੀ ਦਾ ਵੱਡਾ ਮਹੱਤਵ ਹੈ ਅਤੇ ਸਾਨੂੰ ਗੁਰਬਾਣੀ ਜਾਪ ਨਾਲ ਜੁੜਨਾ ਚਾਹੀਦਾ ਹੈ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਜੌੜਾਸਿੰਘਾ ਵੱਲੋਂ ਲਿਖਿਆ ਕਿਤਾਬਚਾ ਕੀਤਾ ਜਾਰੀ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘੱਟੋ-ਘੱਟ ਜਪੁਜੀ ਸਾਹਿਬ ਦਾ ਪਾਠ ਸਭ ਨੂੰ ਜ਼ਬਾਨੀ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਸਿੱਖਿਆ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਧ ਤੋਂ ਵੱਧ ਸਕੂਲਾਂ ਵਿਚ ਗੁਰਬਾਣੀ ਕੰਠ ਕਰਨ ਦੀ ਪ੍ਰੇਰਣਾ ਲਈ ਭੇਜਿਆ ਜਾਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਸਹਾਇਕ ਡਾਰਿਕੈਟਰ ਬੀਬੀ ਸਤਵੰਤ ਕੌਰ, ਮੀਤ ਸਕੱਤਰ ਨਿਸ਼ਾਨ ਸਿੰਘ, ਦਰਸ਼ਨ ਸਿੰਘ ਪੀ.ਏ., ਪ੍ਰਿੰਸੀਪਲ ਦਿਲਬਾਗ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ ਆਦਿ ਮੌਜੂਦ ਸਨ।

-PTC News

Related Post