ਸ਼੍ਰੋਮਣੀ ਕਮੇਟੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ ਮੁੜ ਬੁਲਾਈ

By  Jashan A September 27th 2019 06:50 PM

ਸ਼੍ਰੋਮਣੀ ਕਮੇਟੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ ਮੁੜ ਬੁਲਾਈ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਵਿਖੇ 4 ਅਕਤੂਬਰ ਨੂੰ ਹੋਵੇਗੀ ਇਕੱਤਰਤਾ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇਕਜੁਟਤਾ ਨਾਲ ਮਨਾਉਣ ਲਈ ਤਾਲਮੇਲ ਕਮੇਟੀ ਦੀ ਅਗਲੀ ਇਕੱਤਰਤਾ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 4 ਅਕਤੂਬਰ ਨੂੰ ਸਵੇਰੇ 10:00 ਵਜੇ ਹੋਵੇਗੀ। ਇਕੱਤਰਤਾ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦਿਆਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਤਾਲਮੇਲ ਕਮੇਟੀ ਦੀ ਇਕ ਹੋਰ ਇਕੱਤਰਤਾ ਸੱਦੀ ਗਈ ਹੈ। ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ : ਭਾਈ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਰੱਖੀ ਗਈ ਤਾਲਮੇਲ ਕਮੇਟੀ ਦੀ ਇਸ ਇਕੱਤਰਤਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਤਿੰਨ ਵਾਰੀ ਇਕੱਤਰਤਾਵਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਕੇਵਲ ਇਕ ਇਕੱਤਰਤਾ ਵਿਚ ਹੀ ਪੰਜਾਬ ਸਰਕਾਰ ਦੇ ਨੁਮਾਇੰਦੇ ਪੁੱਜੇ ਸਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ 4 ਅਕਤੂਬਰ ਦੀ ਇਕੱਤਰਤਾ ਵਿਚ ਆਪਣੇ ਨੁਮਾਇੰਦੇ ਭੇਜਣ ਦੇ ਨਾਲ ਨਾਲ ਖ਼ੁਦ ਆਪ ਵੀ ਸ਼ਾਮਲ ਹੋਣ, ਤਾਂ ਜੋ ਗੁਰਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਇਹ ਇਕੱਤਰਤਾ ਫੈਸਲਾਕੁੰਨ ਸਾਬਤ ਹੋ ਸਕੇ। -PTC News

Related Post