ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

By  Jashan A September 23rd 2019 01:32 PM

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।

ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸ ਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

-PTC News

Related Post