ਵਿਰਾਸਤੀ ਮਾਰਗ ’ਤੇ ਲੱਗੇ ਬੁੱਤਾਂ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ

By  Jashan A January 23rd 2020 05:47 PM

ਵਿਰਾਸਤੀ ਮਾਰਗ ’ਤੇ ਲੱਗੇ ਬੁੱਤਾਂ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ -ਸ਼੍ਰੋਮਣੀ ਕਮੇਟੀ ਸਿੱਖ ਜਜ਼ਬਾਤਾਂ ਦੀ ਹਮੇਸ਼ਾ ਤਰਜ਼ਮਾਨੀ ਕਰਦੀ ਹੈ ਅਤੇ ਕਰਦੀ ਰਹੇਗੀ -ਭਾਈ ਮਹਿਤਾ -ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਕਰੇਗਾ 24 ਜਨਵਰੀ ਨੂੰ ਮੁਲਾਕਾਤ ਅੰਮ੍ਰਿਤਸਰ:ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ ਅਤੇ ਇਸ ਦੀ ਦਿੱਖ ਸਿੱਖ ਵਿਰਾਸਤ ਅਨੁਸਾਰ ਹੋਵੇ। ਪਿਛਲੇ ਦਿਨੀਂ ਕੁਝ ਨੌਜੁਆਨਾਂ ਵੱਲੋਂ ਇਨ੍ਹਾਂ ਗਿੱਧੇ, ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ ਨੇ ਉਨ੍ਹਾਂ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਲਗਾ ਦਿੱਤੀ ਗਈ, ਜੋ ਸਰਾਸਰ ਗਲਤ ਹੈ। ਪ੍ਰਸ਼ਾਸਨ ਵੱਲੋਂ ਕੀਤੀ ਇਸ ਕਾਰਵਾਈ ’ਤੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਦੇ ਹੱਲ ਸਬੰਧੀ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਕਮੇਟੀ ਦੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਬਣਾਇਆ ਗਿਆ। ਹੋਰ ਪੜ੍ਹੋ:ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਚ ਹੋਈ। ਇਕੱਤਰਤਾ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਸ ਪ੍ਰਗਟ ਕਰ ਰਹੇ ਨੌਜੁਆਵਾਂ ਉੱਪਰ ਇਰਾਦਾ ਕਤਲ ਦੀ ਧਾਰਾ 307 ਤਹਿਤ ਮੁਕੱਦਮਾ ਦਰਜ਼ ਕਰਨਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਡਿਪਟੀ ਕਮਿਸ਼ਨਰ ਸਾਹਿਬ ਅੰਮ੍ਰਿਤਸਰ ਨੂੰ 24 ਜਨਵਰੀ 2020 ਨੂੰ ਮਿਲ ਕੇ ਸਿੱਖ ਭਾਵਨਾਵਾਂ ਅਨੁਸਾਰ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾਵੇਗੀ। ਭਾਈ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਜ਼ਬਾਤਾਂ ਦੀ ਹਮੇਸ਼ਾ ਤਰਜ਼ਮਾਨੀ ਕਰਦੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਚੀਫ਼ ਖ਼ਾਲਸਾ ਦੀਵਾਨ ਤੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਆਦਿ ਮੌਜੂਦ ਸਨ। -PTC News

Related Post