ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

By  Jashan A December 1st 2019 05:56 PM

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਢਾਡੀ ਜਥਿਆਂ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ।

ਹੋਰ ਪੜ੍ਹੋ:ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸੁਖਰਾਜ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਮੀਤ ਮੈਨੇਜਰ ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ, ਕਾਬਲ ਸਿੰਘ, ਭਾਈ ਖਜਾਨ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।

ਇਸੇ ਦੌਰਾਨ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਸਮੇਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਸੇਵਾ ਸੁਸਾਇਟੀਆਂ ਵੱਲੋਂ ਬੀਬੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ, ਜਦਕਿ ਦੁਪਹਿਰ 2 ਵਜੇ ਤੋਂ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਦੌਰਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਮੌਜੂਦ ਸਨ।

-PTC News

Related Post